ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਸੁਧਾਰ ਆਰਡੀਨੈਂਸ ਖਿਲਾਫ਼ ਲੋਕ ਇਨਸਾਫ਼ ਪਾਰਟੀ ਵੱਲੋਂ ਜਲ੍ਹਿਆਂਵਾਲਾ ਬਾਗ ਅੰਮ੍ਰਿਤਸਰ ਤੋਂ ਸਾਇਕਲਾਂ 'ਤੇ ਰੋਸ ਮਾਰਚ ਸ਼ੁਰੂ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪਾਰਟੀ ਵੱਲੋਂ 50 ਸਾਈਕਲਾਂ ਦਾ ਇੱਕ ਕਾਫ਼ਲਾ ਲੈ ਕੇ 5 ਦਿਨਾਂ ਵਿੱਚ 280 ਕਿਲੋਮੀਟਰ ਤੈਅ ਕਰਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਇਸ ਕਾਲੇ ਆਰਡੀਨੈਂਸ ਖਿਲਾਫ਼ ਇੱਕ ਮੰਗ ਪੱਤਰ ਮੰਗ ਪੱਤਰ ਸੌਂਪਿਆ ਜਾਵੇਗਾ।
ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ ਕੋਲ ਇਸ ਸਮੇਂ ਬਹੁਮਤ ਹੈ, ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ਆਰਡੀਨੈਂਸ ਦਾ ਵਿਰੋਧ ਕਰ ਰਹੇ ਹਨ, ਇਸ ਲਈ ਮੁੱਖ ਮੰਤਰੀ ਨੂੰ ਤੁਰੰਤ ਹੰਗਾਮੀ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਚਾਹੀਦਾ ਹੈ। ਇਸ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਸੁਧਾਰ ਆਰਡੀਨੈਂਸ ਬਾਰੇ ਕੇਂਦਰ ਖ਼ਿਲਾਫ਼ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਭਾਰਤ ਚੀਨ ਦੀ ਕਮਾਂਡਰ ਪੱਧਰ ਦੀ ਗੱਲਬਾਤ ਜਾਰੀ, ਗਲਵਾਨ ਘਾਟੀ ਤੇ ਸਰਹੱਦ ਵਿਵਾਦ ਮੁੱਖ ਮੁੱਦੇ
ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਇਸ ਖੇਤੀ ਸੁਧਾਰ ਆਰਡੀਨੈਂਸ ਦੇ ਜ਼ਰੀਏ ਪੰਜਾਬ ਦੀ ਜ਼ਮੀਨ ਕਿਸਾਨਾਂ ਤੋਂ ਖੋਹਣ ਦੀ ਤਿਆਰੀ ਹੈ। ਅਕਾਲੀ ਦਲ ਨੂੰ ਸਵਾਲ ਕਰਦਿਆਂ ਬੈਂਸ ਨੇ ਕਿਹਾ ਕਿ ਜੋ ਅਕਾਲੀ ਦਲ ਕਦੇ ਖ਼ੁਦਮੁਖ਼ਤਿਆਰੀ ਤੇ ਰਾਜਾਂ ਦੇ ਵੱਧ ਅਧਿਕਾਰਾਂ ਦੀ ਗੱਲ ਕਰਦਾ ਸੀ, ਅੱਜ ਕਿਹੜੇ ਮੂੰਹ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੇਂਦਰ ਦਾ ਸਾਥ ਦੇ ਰਿਹਾ ਹੈ।
ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਹੁੰਦੇ ਹੋਏ ਲੋਕਾਂ ਨੂੰ ਜਾਗਰੂਕ ਕਰਨਗੇ ਕਿ ਜੇਕਰ ਇਹ ਖੇਤੀ ਸੁਧਾਰ ਆਰਡੀਨੈਂਸ ਵਾਪਿਸ ਨਾ ਹੋਇਆ ਤਾਂ ਇਸ ਨਾਲ ਸਿਰਫ਼ ਕਿਸਾਨ ਹੀ ਪ੍ਰਭਾਵਿਤ ਨਹੀਂ ਹੋਣਗੇ ਸਗੋਂ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਸਾਰੇ ਹੀ ਵਰਗਾਂ ਅਤੇ ਹਰ ਤਰ੍ਹਾਂ ਦੇ ਵਪਾਰ ਨੂੰ ਖ਼ਤਰਾ ਖੜ੍ਹਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਉਨ੍ਹਾਂ ਦਾ ਇਹ ਪਹਿਲਾਂ ਰੋਸ ਮਾਰਚ ਹੈ ਅਤੇ ਇਸ ਤੋਂ ਬਾਅਦ ਉਹ ਸਾਰੇ ਪੰਜਾਬ ਦੇ ਜ਼ਿਲ੍ਹਿਆ ਵਿੱਚ ਜਾਣਗੇ।