ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਮਾਝੇ ਦੇ ਜਰਨੈਲ ਕਹੇ ਜਾਣ ਵਾਲੇ ਬਿਕਰਮ ਸਿੰਘ ਮਜੀਠੀਆ 'ਤੇ ਮਾਮਲਾ ਦਰਜ ਹੋਣ ਤੋਂ ਬਾਅਦ ਹਰ ਇੱਕ ਸਿਆਸੀ ਨੇਤਾ ਦੀ ਨਜ਼ਰ ਇਸ ਮਾਮਲੇ 'ਤੇ ਬਣੀ ਹੋਈ ਹੈ। ਜਿਸ ਤੋਂ ਬਾਅਦ ਲਗਾਤਾਰ ਹੀ ਅਕਾਲੀ ਦਲ ਦੇ ਨੇਤਾਵਾਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਜਿਸ ਦੇ ਚਲਦੇ ਅੱਜ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਘਰ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਵੱਲੋਂ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਨਿਲ ਜੋਸ਼ੀ (Senior Vice President Anil Joshi) ਨੇ ਦੱਸਿਆ ਕਿ ਜੋ ਬਿਕਰਮ ਸਿੰਘ ਮਜੀਠੀਆ 'ਤੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੋਇਆ ਹੈ। ਉਹ ਸਿਰਫ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Congress Committee President Navjot Singh Sidhu) ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਬਾਅ ਹੇਠ ਹੋਇਆ ਹੈ।
ਉਨ੍ਹਾਂ ਕਿਹਾ ਕਿ ਇਹ ਮਾਮਲਾ ਨਵਜੋਤ ਸਿੰਘ ਸਿੱਧੂ ਤੇ ਰੰਧਾਵਾ ਵੱਲੋਂ ਡੀਜੀਪੀ ਨੂੰ ਪ੍ਰੈਸ਼ਰ ਪਾ ਕੇ ਕਰਵਾਇਆ ਗਿਆ ਹੈ। ਪੰਜਾਬ ਦੇ ਕਿਸੇ ਵੀ ਪੁਲਿਸ ਅਧਿਕਾਰੀ ਨੇ ਅੱਜ ਤੱਕ ਬਿਕਰਮ ਮਜੀਠੀਆ 'ਤੇ ਮਾਮਲਾ ਦਰਜ ਕਰਨ ਦੀ ਹਾਮੀ ਨਹੀਂ ਭਰੀ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਨੂੰ ਪਹਿਲਾਂ ਝੂਠੇ ਲਾਰੇ 'ਤੇ ਝੂਠੇ ਵਾਅਦੇ ਕਰਦੇ ਸਨ।
ਉਹ ਹੁਣ ਲੀਡਰਾਂ ਦੇ ਉੱਤੇ ਝੂਠੇ ਮਾਮਲੇ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਬੋਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਤੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ (Gurpartap Singh Tikka from Amritsar) ਨੇ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ 24 ਦਸੰਬਰ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕਰਨਗੇ ਜਿਸ ਦੀ ਸ਼ੁਰੁਆਤ ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ਕੰਪਲੈਕਸ ਤੋਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੇ ਝੂਠੇ ਮਾਮਲਿਆਂ ਤੋਂ ਡਰ ਕੇ ਪਿੱਛੇ ਹਟਣ ਵਾਲੀ ਨਹੀਂ ਸਗੋਂ ਅਜਿਹੇ ਝੂਠੇ ਮਾਮਲਿਆਂ ਦਾ ਡਟ ਕੇ ਵਿਰੋਧ ਕਰੇਗੀ। 2022 ਵਿੱਚ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣੇਗੀ ਅਤੇ ਜਿਨ੍ਹਾਂ ਪੁਲਿਸ ਅਧਿਕਾਰੀਆਂ ਵੱਲੋਂ ਅਜਿਹੇ ਝੂਠੇ ਮਾਮਲੇ ਅਕਾਲੀ ਦਲ ਦੇ ਨੇਤਾਵਾਂ ਉੱਤੇ ਕੀਤੇ ਜਾ ਰਹੇ ਉਨ੍ਹਾਂ ਨੂੰ ਸਸਪੈਂਡ ਵੀ ਕਰਵਾਏਗੀ।
ਇਹ ਵੀ ਪੜ੍ਹੋ: ਰਣਜੀਤ ਸਿੰਘ ਬ੍ਰਹਮਪੁਰਾ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਣਗੇ ਸ਼ਾਮਲ !