ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਪ੍ਰਚਾਰ ਜ਼ੋਰਾਂ 'ਤੇ ਹੈ। ਇਸ ਦੌਰਾਨ ਦਿੱਲੀ ਤੋਂ ਵੀ ਕਈ ਆਗੂ ਉਮੀਦਵਾਰਾਂ ਦੇ ਪ੍ਰਚਾਰ ਲਈ ਪੰਜਾਬ ਪਹੁੰਚ ਰਹੇ ਹਨ। ਇਸ ਦੇ ਚੱਲਦਿਆਂ ਅਮਿਤ ਸ਼ਾਹ ਵੀ ਪੰਜਾਬ ਆਏ ਅਤੇ ਸਿਆਸੀ ਰੈਲੀਆਂ ਨੂੰ ਸੰਬੋਧਨ ਕੀਤਾ।
ਇਸ ਦੌਰਾਨ ਅਮਿਤ ਸ਼ਾਹ ਵਲੋਂ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਵੀ ਟੇਕਿਆ ਗਿਆ। ਜਿਸ ਤੋਂ ਬਾਅਦ ਅਮਿਤ ਸ਼ਾਹ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਵਿਖੇ 50 ਮਿੰਟ ਦੇ ਕਰੀਬ ਬੰਦ ਕਮਰਾ ਮੁਲਾਕਾਤ ਕੀਤੀ।
ਇਸ ਮੀਟਿੰਗ 'ਚ ਅਮਿਤ ਸ਼ਾਹ ਦੇ ਨਾਲ ਭਾਜਪਾ ਦੇ ਕੌਮੀ ਬੁਲਾਰੇ ਤਰੁਣ ਚੁੱਘ, ਮਨਜਿੰਦਰ ਸਿਰਸਾ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਮੌਜੂਦ ਰਹੇ।
ਇਸ ਤੋਂ ਪਹਿਲਾਂ ਐਤਵਾਰ ਨੂੰ ਕੇਂਦਰੀ ਮੰਤਰੀ ਸ਼ਾਹ ਵੱਲੋਂ ਭਾਜਪਾ ਲਈ ਲੁਧਿਆਣਾ ਅਤੇ ਪਟਿਆਲਾ 'ਚ ਚੋਣ ਰੈਲੀਆਂ ਕੀਤੀਆਂ ਗਈਆਂ ਸਨ, ਇਸ ਤੋਂ ਬਾਅਦ ਉਹ ਅੰਮ੍ਰਿਤਸਰ ਵਿਖੇ ਰੈਲੀ ਉਪਰੰਤ ਦੁਰਗਿਆਨਾ ਮੰਦਰ ਅਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।
ਅਮਿਤ ਸ਼ਾਹ ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੀ ਮੀਟਿੰਗ ਸਬੰਧੀ ਸੂਤਰਾਂ ਦੀ ਮੰਨੀਏ ਤਾਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਬੰਦੀ ਸਿੰਘਾਂ ਦੀ ਰਿਹਾਈ, ਗੁਰੂਦੁਆਰਾ ਗਿਆਨ ਗੋਦੜੀ ਸਾਹਿਬ, ਡਾਂਗ ਮਾਰ ਸਮੇਤ ਵੱਖ-ਵੱਖ ਇਤਿਹਾਸਿਕ ਗੁਰੂਦੁਆਰਾ ਸਾਹਿਬਾਨ ਸਬੰਧੀ ਅਤੇ ਸ਼੍ਰੋਮਣੀ ਕਮੇਟੀ ਦੀ ਪੈਂਡਿੰਗ ਪਈ ਫਾਈਲ ਸਬੰਧੀ ਗੱਲਬਾਤ ਹੋਈ।
ਇਸ ਦੇ ਨਾਲ ਹੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵਲੋਂ ਹੋਰ ਵੀ ਕਈ ਮੁੱਦਿਆਂ ਨੂੰ ਲੈਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਗਈ।
ਇਹ ਵੀ ਪੜ੍ਹੋ : 'ਮੈਨੂੰ ਜਿਥੇ ਮਰਜੀ ਟੰਗ ਕੇ ਮਾਰ ਦਿਓ ਪਰ ਬਾਦਲਾਂ ਤੋਂ ਮਰਨ ਨਾ ਦਿਓ'