ਅੰਮ੍ਰਿਤਸਰ: ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੰਮ੍ਰਿਤਸਰ ਰੇਲ ਹਾਦਸੇ ‘ਚ ਮਾਰੇ ਗਏ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਵਿਭਾਗਾਂ 'ਚ ਨੌਕਰੀਆਂ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਰੇਲ ਹਾਦਸਾ 19 ਅਕਤੂਬਰ 2018 ਨੂੰ ਅੰਮ੍ਰਿਤਸਰ ਦੇ ਜੌੜਾ ਫਾਟਕ ‘ਤੇ ਹੋਇਆ ਸੀ, ਇਸ ਰੇਲ ਹਾਦਸੇ 'ਚ 58 ਲੋਕ ਮਾਰੇ ਗਏ ਤੇ 71 ਲੋਕ ਜ਼ਖਮੀ ਹੋਏ ਸਨ।
ਪੰਜਾਬ ਸਰਕਾਰ ਵੱਲੋਂ ਨੌਕਰੀ ਲਈ ਪ੍ਰਵਾਨਗੀ ਮਿਲਣ ਮਗਰੋਂ ਪੀੜਤ ਪਰਿਵਾਰਾਂ ਨੇ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਇਲਾਕੇ ਦੇ ਨੇੜਲੇ ਹਨੂਮਾਨ ਮੰਦਰ ਮੱਥਾ ਟੇਕ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ।
ਇਸ ਮੌਕੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੇ ਕਿਹਾ ਕੁੱਲ 37 ਦੇ ਕਰੀਬ ਫਾਈਲਾਂ ਲਗਾਈਆਂ ਗਈਆਂ ਸਨ, ਇਨ੍ਹਾਂ ਚੋਂ 3 ਫਾਈਲਾਂ ਰਿਜੈਕਟ ਹੋਈਆਂ ਹਨ। ਹੁਣ ਤੱਕ 34 ਲੋਕਾਂ ਨੂੰ ਸਰਕਾਰ ਵੱਲੋਂ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਪੀੜਤ ਪਰਿਵਾਰ ਦੇ ਮੈਂਬਰ ਦੀਪਕ ਨੇ ਕਿਹਾ ਕਿ ਇਸ ਸਬੰਧੀ ਉਹ ਸ਼ਹਿਰ ਦੇ ਡਿਪਟੀ ਕਮਿਸ਼ਨਰ ਤੇ ਪੰਜਾਬ ਸਰਕਾਰ ਦੇ ਨੁਮਾਇੰਦੀਆਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਰਿਜੈਕਟ ਹੋਈਆਂ ਫਾਈਲਾਂ ਨੂੰ ਪਾਸ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਤਾਂ ਜੋ ਉਹ ਤਿੰਨ ਪਰਿਵਾਰ ਵੀ ਨੌਕਰੀ ਹਾਸਲ ਕਰ ਸਕਣ। ਦੀਪਕ ਨੇ ਦੱਸਿਆ ਕਿ ਅਜੇ ਤੱਕ ਉਨ੍ਹਾਂ ਵਿਭਾਗਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਉਮੀਂਦ ਹੈ ਕਿ ਜਲਦ ਹੀ ਉਨ੍ਹਾਂ ਨੂੰ ਕੰਮ 'ਤੇ ਬੁੱਲਾ ਲਿਆ ਜਾਵੇਗਾ ਤੇ ਉਨ੍ਹਾਂ ਦੀ ਰੋਜ਼ੀ ਰੋਟੀ ਚੱਲ ਸਕੇਗੀ।
ਇਹ ਵੀ ਪੜ੍ਹੋ : ਸਿੰਘੂ ਬਾਰਡਰ 'ਤੇ ਤੇਜ਼ ਰਫ਼ਤਾਰ ਕਾਰ ਨੇ ਕਿਸਾਨ ਨੂੰ ਮਾਰੀ ਟੱਕਰ, ਹੋਈ ਮੌਤ