ਅੰਮ੍ਰਿਤਸਰ: ਮਹਿੰਗਾਈ ਦੀ ਮਾਰ ਝੱਲ ਰਹੇ ਹਰ ਵਰਗ ਦੀ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਸੈਸ਼ਨ ’ਤੇ ਨਜ਼ਰਾਂ ਖੜੀਆਂ ਹਨ। ਲੋਕਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਸੂਬਾ ਸਰਕਾਰ ਦੇ ਬਜਟ ਤੋਂ ਘੱਟ ਹੀ ਉਮਦਾਂ ਹਨ, ਕਿਉਂਕਿ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਕੁੱਝ ਖਾਸ ਨਹੀਂ ਹੋਇਆ। ਉਨ੍ਹਾਂ ਦਾ ਕਹਿਣਾ ਕਿ ਮਹਿੰਗਾਈ ਦਿਨ ਪਰ ਦਿਨ ਵੱਧਦੀ ਜਾ ਰਹੀ ਹੈ। ਜਿਸ ਨੂੰ ਕੰਟਰੋਲ ਕਰਨ ਲਈ ਸੂਬਾ ਸਰਕਾਰ ਨਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵੱਧ ਰਹੀ ਮਹਿੰਗਾਈ ਨੂੰ ਠੱਲ ਪਾਉਣ ਲਈ ਯੋਗ ਕਦਮ ਚੁੱਕਣ ਦੀ ਲੋੜ ਹੈ।
ਦੱਸਣਯੋਗ ਹੈ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵੱਲੋਂ ਪੰਜਾਬ ਸਰਕਾਰ ਦਾ ਪੰਜਵਾਂ ਤੇ ਅਖੀਰਲਾ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਣਾ ਹੈ। ਇਸ ਬਜਟ ਨਾਲ ਲੋਕਾਂ ਨੂੰ ਰਾਹਤ ਦੀ ਘੱਟ ਉਮੀਦ ਹੈ।
ਬਜਟ ਨੂੰ ਲੈ ਕੇ ਮਹਿਲਾਵਾਂ ਦਾ ਕਹਿਣਾ ਕਿ ਸਰਕਾਰ ਨੂੰ ਆਮ ਵਰਗ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮਹਿੰਗਾਈ ਤੇ ਰਸੋਈ ਗੈਸ ਦੇ ਰੇਟ ਲਗਾਤਾਰ ਵੱਧਦੇ ਰਹੇ ਤਾਂ ਉਨ੍ਹਾਂ ਨੂੰ ਪੁਰਾਣੇ ਜ਼ਮਾਨੇ ਵਾਂਗ ਚੁੱਲ੍ਹੇ ਬਾਲਣੇ ਪੈਣਗੇ। ਇਸ ਤੋਂ ਇਲਾਵਾ ਉਨ੍ਹਾਂ ਸਬਜ਼ੀਆਂ ਆਦਿ ਦੀਆਂ ਕੀਮਤਾਂ ਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ।