ਅੰਮ੍ਰਿਤਸਰ : ਕੋਰੋਨਾ ਵਾਇਰਸ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਸਾਰੇ ਹੀ ਸਿੱਖਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਮਾਜ ਸੇਵੀ ਸੰਸਥਾ ਵੱਲੋਂ ਸਰਕਾਰੀ ਸਕੂਲਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਬਾਰੇ ਦੱਸਦੇ ਹੋਏ ਸਮਾਜ ਸੇਵਕ ਵਿੱਕੀ ਦੱਤਾ ਨੇ ਕਿਹਾ ਕਿ ਉਹ ਸਰਕਾਰ ਵੱਲੋਂ ਸਕੂਲ ਖੋਲ੍ਹੇ ਜਾਣ ਦੇ ਫੈਸਲੇ ਦਾ ਸਵਾਗਤ ਕਰਦੇ ਹਨ। ਕਿਉਂਕਿ ਲੰਬੇ ਸਮੇਂ ਤੋਂ ਬੱਚੇ ਘਰਾਂ 'ਚ ਰਹਿ ਕੇ ਪੜ੍ਹਾਈ ਕਰ ਰਹੇ ਹਨ। ਜਿਸ ਕਾਰਨ ਉਨ੍ਹਾਂ ਦਾ ਜ਼ਿਆਦਾਤਰ ਸਮਾਂ ਮੋਬਾਈਲ ਜਾਂ ਲੈਪਟਾਪ 'ਤੇ ਬੀਤ ਰਿਹਾ ਹੈ ਜੋ ਕਿ ਸਿਹਤ ਲਈ ਹਾਨੀਕਾਰਕ ਹੈ। ਇਸ ਤੋਂ ਇਲਾਵਾ ਜਦ ਲੋਕ ਇੱਕ ਦੂਜੇ ਨੂੰ ਮਿਲਣਗੇ ਤਾਂ ਉਨ੍ਹਾਂ ਦੀ ਮਾਨਸਿਕ ਸਥਿਤੀ ਬਿਹਤਰ ਹੋਵੇਗੀ।
ਸਕੂਲਾਂ ਨੂੰ ਸੈਨੇਟਾਈਜ਼ ਕਰਨ ਸਬੰਧੀ ਵਿੱਕੀ ਦੱਤਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸੈਨੇਟਾਈਜ਼ 'ਤੇ ਸੁਰੱਖਿਅਤ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਮਾਸਕ, ਫੇਸ ਸ਼ੀਲਡ, ਹੈਂਡ ਸੈਨੇਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਵਿੱਕੀ ਦੱਤਾ ਨੇ ਕਿਹਾ ਕਿ ਸਕੂਲ ਲੰਬੇ ਸਮੇਂ ਤੋਂ ਬੰਦ ਹਨ ਤੇ ਸਰਕਾਰੀ ਸਕੂਲਾਂ ਵਿੱਚ ਫੰਡ ਦੀ ਘਾਟ ਹੈ। ਇਸ ਦੇ ਚਲਦੇ ਉਨ੍ਹਾਂ ਦੀ ਸੰਸਥਾ ਨੇ ਮਦਦ ਵਜੋਂ 'ਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਨੂੰ ਮੱਦੇਨਜ਼ਰ ਰੱਖਿਆ ਸਰਕਾਰੀ ਸਕੂਲਾਂ ਨੂੰ ਸੈਨੇਟਾਈਜ਼ ਕਰਵਾਏ ਜਾਣ ਦੀ ਜ਼ਿੰਮੇਵਾਰੀ ਲਈ ਹੈ।
ਇਸ ਸਬੰਧੀ ਜਦ ਸਕੂਲ ਪ੍ਰਿੰਸੀਪਲ ਜੀਵਨ ਜੋਤੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਸਮਾਜ ਸੇਵੀ ਸੰਸਥਾ ਵੱਲੋਂ ਚੁੱਕੇ ਗਏ ਇਸ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਜਿਹੜੇ ਵੀ ਵਿਦਿਆਰਥੀਆ ਸਕੂਲ ਆ ਕੇ ਪੜ੍ਹਾਈ ਕਰਨਾ ਚਾਹੁੰਦੇ ਹਨ, ਉਹ ਆਪਣੇ ਮਾਤਾ-ਪਿਤਾ ਦੀ ਸਹਿਮਤੀ ਤੋਂ ਬਾਅਦ ਸਕੂਲ ਆ ਸਕਦੇ ਹਨ। ਇਸ ਤੋਂ ਇਲਾਵਾ ਜਿਹੜੇ ਵਿਦਿਆਰਥੀਆਂ ਘਰਾਂ 'ਚ ਰਹਿ ਕੇ ਪੜ੍ਹਨਾ ਚਾਹੁੰਦੇ ਹਨ। ਉਹ ਆਪਣੀ ਆਨਲਾਈਨ ਪੜ੍ਹਾਈ ਜਾਰੀ ਰੱਖ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਨਲਾਈਨ ਪੜ੍ਹਾਈ ਜਾਰੀ ਰਹੇਗੀ। ਸਕੂਲ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ, ਸਵੱਛਤਾ ਤੇ ਕੋਰੋਨਾ ਵਾਇਰਸ ਸਬੰਧੀ ਸਰਕਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਧਿਆਪਕਾਂ ਵੱਲੋਂ ਲਗਾਤਾਰ ਬੱਚਿਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਤ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਇਸ ਸਬੰਧੀ ਬਿਆਨ 'ਚ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਟੈਂਡਿੰਗ ਆਪਰੇਟਿੰਗ ਪ੍ਰੋਸੀਜ਼ਰ ਯਾਨੀ (ਐੱਸਓਪੀ) ਦੇ ਤਹਿਤ ਹੀ ਸਕੂਲ ਖੁੱਲ੍ਹਣਗੇ। ਸਕੂਲ ਆਉਣ ਵਾਲੇ ਵਿਦਿਆਰਥੀਆਂ ਲਈ ਕੋਰੋਨਾ ਵਾਇਰਸ ਸਬੰਧੀ ਹਦਾਇਤਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ।