ਅੰਮ੍ਰਿਤਸਰ: ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਸੰਘਰਸ਼ ਦੇ ਪਿੜ ਵਿੱਚ ਹਨ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕਿਸਾਨਾਂ ਦੇ ਪੱਖ ਵਿੱਚ ਕੀਤੀ ਗਈ ਅਪੀਲ ਕੀਤੀ ਸੀ। ਇਸ ਅਪੀਲ ਤੋਂ ਬਾਅਦ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦਾ ਧੰਨਵਾਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਪਹੁੰਚੇ। ਜਥੇਦਾਰ ਨੂੰ ਮਿਲਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਰਾਜੇਵਾਲ ਨੇ ਕਿਹਾ ਕਿ ਉਹ ਧੰਨਵਾਦ ਕਰਨ ਪਹੁੰਚੇ ਹਨ। ਇਸੇ ਨਾਲ ਹੀ ਜਥੇਦਾਰ ਹਰਪ੍ਰੀਤ ਸਿੰਘ ਨੂੰ ਬੇਨਤੀ ਕਰਨ ਪਹੁੰਚੇ ਹਨ ਕਿ ਉਹ ਇਸ ਦੇ ਨਾਲ ਇਹ ਵੀ ਕਹਿਣ ਕਿ ਰਾਜਨੀਤਕ ਪਾਰਟੀਆਂ ਆਪਣਾ ਝੰਡਾ ਨਾ ਲੈ ਕੇ ਪੁੱਜਣ ਤੇ ਸੰਘਰਸ਼ ਦੌਰਾਨ ਲੋਕ ਸ਼ਾਂਤੀ ਬਣਾਈ ਰੱਖਣ।
ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜਦੋਂ 26 ਤੇ 27 ਨਵੰਬਰ ਨੂੰ ਸੰਘਰਸ਼ ਲਈ ਦਿੱਲੀ ਵੱਲ ਕੂਚ ਕਰਨਾ ਹੈ ਤਾਂ ਰਾਜਨੀਤਿਕ ਪਾਰਟੀਆਂ ਦੇ ਦਖ਼ਲ ਤੋਂ ਬਾਅਦ ਕਿਸੇ ਤਰ੍ਹਾਂ ਦਾ ਵਿਵਾਦ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਇਸ ਸੰਘਰਸ਼ ਨੂੰ ਸ਼ਾਂਤੀ ਚਲਾਉਣਾ ਚਹੁੰਦੀਆਂ ਹਨ ਕਿਉਂਕਿ ਹੁਣ ਤੱਕ ਅਸੀਂ ਇਸ ਸੰਘਰਸ਼ ਨੂੰ ਸਹਿਜ ਨਾਲ ਲੰਬਾ ਲਿਆਂਦਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸ਼ਾਂਤਮਈ ਤਰੀਕੇ ਨਾਲ ਚੱਲ ਰਹੇ ਹਾਂ ਇਸੇ ਲਈ ਜਥੇਦਾਰ ਨੂੰ ਇੱਕ ਹੋਰ ਅਪੀਲ ਕਰਨ ਦੀ ਬੇਨਤੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਅਸੀਂ ਸਟੇਜ ਉੱਪਰ ਕਿਸੇ ਵੀ ਪਾਰਟੀ ਦੇ ਨੁਮਾਇੰਦੇ ਨੂੰ ਬੈਠਣ ਨਹੀਂ ਦੇਵਾਂਗੇ ਅਤੇ ਨਾ ਹੀ ਝੰਡੇ ਲਿਆਉਣ ਦੇਵਾਂਗੇ।ਆਮ ਲੋਕਾਂ ਵਾਂਗ ਇਸ ਰੋਸ ਮਾਰਚ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀਆਂ ਦੇ ਵਰਕਰਾਂ ਦੇ ਦਖ਼ਲ ਤੋਂ ਬਾਅਦ ਸਾਡੇ ਲਈ ਸਿਰਦਰਦੀ ਬਣ ਸਕਦੀ ਹੈ, ਅਸੀਂ ਇਸ ਲਈ ਸੁਚੇਤ ਹੋ ਗਏ ਹਾਂ ਤੇ ਜਥੇਦਾਰ ਕੋਲ ਪਹੁੰਚੇ ਹਾਂ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਸ ਸੰਘਰਸ਼ ਵਿੱਚ ਆਪਣੇ ਬੈਨਰ ਲਿਆਉਣ ਦੀ ਆਗਿਆ ਨਹੀਂ।
ਕੇਂਦਰ ਸਰਕਾਰ ਦੇ ਮਾੜੇ ਵਤੀਰੇ ਬਾਰੇ ਉਨ੍ਹਾਂ ਨੇ ਕਿਹਾ ਕਿ ਉਹ ਹਰ ਹਾਲਤ ਵਿੱਚ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਹੀ ਸਾਹ ਲੈਣਗੇ।ਉਨ੍ਹਾਂ ਨੇ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਉਨ੍ਹਾਂ ਦੀ ਬੇਨਤੀ ਮੰਨ ਲਈ ਹੈ।