ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦਾ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ ਕਿਉਂਕਿ ਇੱਕ ਪਾਸੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਗੇ ਧਰਨਾ ਲਾਇਆ ਹੋਇਆ ਹੈ ਤੇ ਦੂਜੇ ਪਾਸੇ ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਯੂਨਾਈਟਿਡ ਅਕਾਲੀ ਦਲ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਇੱਕ ਮੀਟਿੰਗ ਕੀਤੀ, ਜਿਸ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਉਨ੍ਹਾਂ 25 ਸਤੰਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਹੈ।
ਇਸ ਬਾਰੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਈਮਾਨ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਦੇ ਸਰੂਪਾਂ ਦੇ ਮਾਮਲੇ ਵਿੱਚ ਨਲਾਇਕੀ ਦਿਖਾਈ ਹੈ ਤੇ ਸਹੀ ਜਾਂਚ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਰੂਪਾਂ ਦੀ ਰਖਵਾਲੀ ਕਰਨੀ ਸੀ ਪਰ ਮਾਮਲੇ ਨੂੰ ਲੁਕੋਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਸਤੀਫਾ ਨਾ ਦਿੱਤਾ ਤਾਂ 22 ਸਤੰਬਰ ਨੂੰ ਪ੍ਰਧਾਨ ਦੇ ਘਰ ਅੱਗੇ ਧਰਨਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਖੁਦ ਦੇ ਲਾਏ ਹੋਏ ਜਥੇਦਾਰ ਦੇ ਰਾਹੀਂ ਦੋਸ਼ ਮੁਕਤ ਹੋਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੋਹਲੀ ਵਰਗੇ ਅਕਾਊਂਟੈਂਟ ਜੋ ਕਰੋੜਾਂ ਰੁਪਏ ਖਾ ਗਏ, ਉਸ ਵੱਲੋਂ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਦੋਸ਼ ਮੁਕਤ ਕਿਵੇਂ ਕੀਤਾ ਗਿਆ, ਇਸ ਦਾ ਜਵਾਬ ਵੀ ਕੌਮ ਨੂੰ ਮਿਲਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਉਹ ਅਕਾਊਂਟੈਂਟ ਦੀ ਸ਼ਿਕਾਇਤ ਵੀ ਕਰਨਗੇ।
ਈਮਾਨ ਸਿੰਘ ਮਾਨ ਨੇ ਕਿਹਾ ਕਿ ਉਹ 25 ਸਤੰਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਨਗੇ ਅਤੇ 28 ਸਤੰਬਰ ਨੂੰ ਦਰਬਾਰ ਸਾਹਿਬ ਨੇੜੇ ਲਾਇਨਾਂ ਬਣਾ ਕੇ ਖੜਾਂਗੇ ਕਿਉਂਕਿ ਉਸ ਦਿਨ ਸ਼੍ਰੋਮਣੀ ਗੁਰਦੁਆਰਾ ਕਮੇਟੀ ਦਾ ਬਜਟ ਸੈਸ਼ਨ ਹੋਵੇਗਾ, ਸੈਸ਼ਨ ਮੌਕੇ ਆਉਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਜ਼ਮੀਰ ਜਗਾਉਣਗੇ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਸਲੇ ਉੱਪਰ ਸੰਗਤਾਂ ਸਾਹਮਣੇ ਸੱਚ ਲੈ ਕੇ ਆਉਣ।