ਅੰਮ੍ਰਿਤਸਰ: ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਦੀ ਸਮੁੱਚੀ ਟੀਮ ਵੀ ਮੌਜੂਦ ਰਹੀ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੀਰਵਾਰ ਨੂੰ ਪੰਜਾਬ ਦੇ ਦੌਰੇ 'ਤੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਦੇਰ ਸ਼ਾਮ ਜੇਪੀ ਨੱਡਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਐਸਜੀਪੀਸੀ ਦੇ ਇਨਫਰਮੇਸ਼ਨ ਦਫ਼ਤਰ ਵਿੱਚ ਐੱਸਜੀਪੀਸੀ ਵੱਲੋਂ ਜੇਪੀ ਨੱਡਾ ਨੂੰ ਸਿਰੋਪਾਓ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਜਗਤ ਪ੍ਰਕਾਸ਼ ਨੱਡਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਜੇਪੀ ਨੱਡਾ ਨੇ ਬਾਦਲ ਪਰਿਵਾਰ ਨੂੰ ਆਪਣੇ ਵੱਡੇ ਪੁੱਤਰ ਦੇ ਵਿਆਹ ਸਮਾਗਮ ਦਾ ਸੱਦਾ ਦਿੱਤਾ।
ਜੇਪੀ ਨੱਡਾ ਦੇ ਪਿੰਡ ਬਾਦਲ ਪੁੱਜਣ 'ਤੇ ਜੋਰਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਸਵਾਗਤ 'ਚ ਫੁੱਲਾਂ ਦੀ ਵਰਖਾ ਦੇ ਨਾਲ ਨਾਲ ਭਗੜਾ ਤੇ ਢੋਲ ਵੀ ਵਜਾਏ ਗਏ। ਪੰਜਾਬ ਅਕਾਲੀ ਤੇ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੌਮੀ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਜੇਪੀ ਨੱਡਾ ਦਾ ਇਹ ਪਹਿਲਾ ਪੰਜਾਬ ਦੌਰਾ ਹੈ।