ਅੰਮ੍ਰਿਤਸਰ: ਥਾਣਾ ਘਰਿੰਡਾ ਅਧੀਨ ਪੈਂਦੇ ਪਿੰਡ ਤਾਜੇ ਚੱਕ 'ਚ ਜ਼ਮੀਨੀ ਝਗੜੇ ਕਾਰਨ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦਾ ਉਸ ਦੇ ਚਚੇਰੇ ਭਰਾ ਨੇ ਅਣਪਛਾਤੇ 26 ਤੋਂ 27 ਵਿਅਕਤੀਆਂ ਨਾਲ ਮਿਲ ਕੇ ਕਤਲ ਕਰ ਦਿੱਤਾ।
ਮ੍ਰਿਤਕ ਨੌਜਵਾਨ ਪਰਮਜੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਪੈਲੀ ਨੂੰ ਪਾਣੀ ਲਗਾਉਣ ਲਈ ਖੇਤ ਗਿਆ ਸੀ ਜਿੱਥੇ ਉਸ 'ਤੇ ਹਮਲਾ ਕਰ ਦਿੱਤਾ ਗਿਆ। ਹਮਲੇ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾਉਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਪਰਮਜੀਤ ਸਿੰਘ ਨੂੰ 2 ਗੋਲੀਆਂ ਲੱਗੀਆਂ । ਜ਼ਖ਼ਮੀ ਹਾਲਤ 'ਚ ਜਦੋਂ ਉਸ ਨੂੰ ਹਸਪਤਾਲ ਲੈ ਜਾਇਆ ਜਾ ਰਿਹਾ ਸੀ ਤਾਂ ਰਾਹ 'ਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਉਸਦੇ ਭਰਾ ਨਾਲ ਬੀਤੇ ਕਈ ਸਮੇ ਤੋਂ ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ।
ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਹਨ। ਮੌਕੇ 'ਤੇ ਪਹੁੰਚੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।