ਅੰਮ੍ਰਿਤਸਰ: ਕੋਰੋਨਾ ਵਾਇਰਸ ਕਾਰਨ ਸੂਬੇ 'ਚ ਲਗਾਤਾਰ ਕਰਫਿਊ ਜਾਰੀ ਹੈ। ਅਜਿਹੇ ਸਮੇਂ 'ਚ ਰੋਜ਼ਾਨਾ ਦਿਹਾੜੀ ਕਰਨ ਵਾਲੇ ਤੇ ਗਰੀਬ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਰੋਨਾ ਵਾਇਰਸ ਦੇ ਇਸ ਸੰਕਟ ਸਮੇਂ 'ਚ ਬੀਐਸਐਫ ਦੇ ਅਧਿਕਾਰੀ ਤੇ ਜਵਾਨ ਸਰਹੱਦ ਨੇੜਲੇ ਪਿੰਡਾਂ 'ਚ ਰਹਿਣ ਵਾਲੇ ਲੋੜਵੰਦ ਲੋਕਾਂ ਦੀ ਮਦਦ ਕਰ ਰਹੇ ਹਨ।
ਬੀਐਸਐਫ ਵੱਲੋਂ ਸਰਹੱਦੀ ਇਲਾਕੇ ਨਾਲ ਲਗਦੇ ਪਿੰਡ ਦੇ ਲੋੜਵੰਦ ਲੋਕਾਂ ਨੂੰ ਰਾਸ਼ਨ ਅਤੇ ਮਾਸਕ ਵੰਡੇ ਗਏ। ਇਸ ਦੌਰਾਨ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਬਾਰੇ ਜਾਗਰੂਕ ਵੀ ਕੀਤਾ ਗਿਆ।
ਇਸ ਬਾਰੇ ਦੱਸਦੇ ਹੋਏ ਬੀਐਸਐਫ ਪੰਜਾਬ ਦੇ ਡੀਜੀਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਜਵਾਨਾਂ ਤੇ ਅਧਿਕਾਰੀਆਂ ਵੱਲੋਂ ਆਪਣੀ ਸਮਰਥਾ ਮੁਤਾਬਕ ਯੋਗਦਾਨ ਪਾ ਕੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਹੁਣ ਤੱਕ ਬੀਐਸਐਫ ਵੱਲੋਂ ਪੰਜਾਬ 'ਚ 3ਹਜ਼ਾਰ ਲੋਕਾਂ ਨੂੰ ਮਾਸਕ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਨੇੜਲੇ ਪਿੰਡਾਂ ਦੇ ਲੋੜਵੰਦ ਲੋਕਾਂ ਨੂੰ ਰਾਸ਼ਨ ਤੇ ਹੋਰਨਾਂ ਜ਼ਰੂਰਤ ਦੀਆਂ ਚੀਜਾਂ ਮੁਹੱਈਆ ਕਰਵਾਇਆਂ ਜਾ ਰਹੀਆਂ ਹਨ ਤਾਂ ਜੋ ਲੋਕ ਸੋਸ਼ਲ ਡਿਸਟੈਂਸ ਨੂੰ ਬਰਕਰਾਰ ਰੱਖਣ। ਉਨ੍ਹਾਂ ਦੱਸਿਆ ਕਿ ਸਰਹੱਦ ਨੇੜਲੇ ਸਾਰੇ ਹੀ ਇਲਾਕਿਆਂ ਨੂੰ ਸੈਨੇਟਾਈਜ਼ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਰਹੱਦ ਉੱਤੇ ਖੇਤੀ ਕਰਨ ਵਾਲੇ ਕਿਸਾਨਾਂ ਲਈ ਵੀ ਬਚਾਅ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਖੇਤਾਂ 'ਚ ਜਾਣ ਤੋਂ ਪਹਿਲਾਂ ਬੀਐਸਐਫ ਦੇ ਜਵਾਨਾਂ ਵੱਲੋਂ ਉਨ੍ਹਾਂ ਦੇ ਸਰੀਰ ਦਾ ਤਾਪਮਾਨ ਚੈਕ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਹੱਥ ਸਾਫ ਕਰਵਾਏ ਜਾਣਗੇ। ਉਹ ਮਾਸਕ ਪਾ ਕੇ ਖੇਤਾਂ 'ਚ ਕੰਮ ਕਰਨ ਲਈ ਜਾਣਗੇ।
ਇਸ ਬਾਰੇ ਜਦ ਲੋੜਵੰਦ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਬੀਐਸਐਫ ਵੱਲੋਂ ਮਿਲਣ ਵਾਲੀ ਰਾਸ਼ਨ ਸਹਾਇਤਾ ਤੇ ਕੋਰੋਨਾ ਮਹਾਮਾਰੀ ਬਾਰੇ ਜਾਗਰੂਕ ਕਰਨ ਦੀ ਪਹਿਲ ਨੂੰ ਸ਼ਲਾਘਾਯੋਗ ਕਦਮ ਦੱਸਿਆ।