ਅੰਮ੍ਰਿਤਸਰ: ਰੱਖੜ ਪੁੰਨਿਆ ਦੇ ਮੇਲੇ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਗਈ ਸਿਆਸੀ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕਾਂਗਰਸੀਆਂ ਨੂੰ ਰੱਜ ਕੇ ਰਗੜੇ ਲਾਏ ਅਤੇ ਕਿਹਾ ਕਿ ਸੂਬੇ ਵਿੱਚ ਕਾਂਗਰਸੀ ਪੁਲਿਸ ਨਾਲ ਮਿਲ ਕੇ ਨਸ਼ਾ ਵੇਚ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਬੇਅਦਬੀ ਕੀਤੀ ਹੈ।
ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੋਲ ਇਤਿਹਾਸਕ ਕੌਮਾਂਤਰੀ ਨਗਰ ਕੀਰਤਨ ਦਾ ਸਵਾਗਤ ਕਰਨ ਦਾ ਸਮਾਂ ਵੀ ਨਹੀਂ ਹੁੰਦਾ। ਸੂਬੇ ਦੇ ਵਿੱਚ ਮਾਈਨਿੰਗ ਰਾਹੀਂ ਸਰਕਾਰੀ ਖ਼ਜ਼ਾਨੇ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਸਰਕਾਰ ਰੇਤ ਦੀ ਬੋਲੀ ਨਹੀਂ ਕਰਵਾ ਰਿਹਾ।
ਸੁਖਬੀਰ ਬਾਦਲ ਨੇ ਇਸ ਦੇ ਨਾਲ ਹੀ ਕੇਂਦਰ ਦੇ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੇ ਵੀ ਸੋਹਲੇ ਗਾਏ ਤੇ ਕਿਹਾ ਕਿ ਦਿੱਲੀ ਦੇ ਦੰਗਿਆਂ ਦੇ ਦੋਸ਼ੀਆਂ ਨੂੰ ਜੇਕਰ ਕਿਸੇ ਨੇ ਸਜ਼ਾ ਦਵਾਈ ਹੈ ਤਾਂ ਉਹ ਨਰਿੰਦਰ ਮੋਦੀ ਦੀ ਸਰਕਾਰ ਨੇ ਦਿਵਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਿਨ੍ਹਾਂ ਵੀ ਵਿਕਾਸ ਹੋਇਆ ਹੈ, ਇਹ ਅਕਾਲੀ ਦਲ ਦੀ ਅਗਵਾਈ ਵਿੱਚ ਪਰਕਾਸ਼ ਸਿੰਘ ਬਾਦਲ ਨੇ ਕਰਵਾਇਆ ਹੈ ਜਦ ਕਿ ਕਾਂਗਰਸ ਦਾ ਇਸ ਵਿੱਚ ਕੋਈ ਵੀ ਯੋਗਦਾਨ ਨਹੀਂ।