ਅੰਮ੍ਰਿਤਸਰ : ਉੱਤਰ ਭਾਰਤ ਸਣੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਲਗਾਤਾਰ ਬਰਸਾਤ ਹੋਣ ਕਾਰਨ ਕਿਸਾਨਾਂ ਦੀ ਕਣਕ ਦੀ ਤਿਆਰ ਫਸਲ ਬਰਬਾਦ ਹੋ ਗਈ ਹੈ। ਇਸ ਤਿਆਰ ਫਸਲ ਦੀ ਵਾਢੀ ਕੁਝ ਹੀ ਦਿਨਾਂ ਵਿੱਚ ਸ਼ੁਰੂ ਕੀਤੀ ਜਾਣੀ ਸੀ।
ਜ਼ਿਲ੍ਹੇ ਦੇ ਸਰਹਦੀ ਇਲਾਕੇ ਅਟਾਰੀ ਦੇ ਕੁਝ ਕਿਸਾਨਾਂ ਨੇ ਆਪਣਾ ਦੁੱਖ ਵੰਡਦੇ ਹੋਏ ਈਟੀਵੀ ਭਾਰਤ ਦੀ ਟੀਮ ਨੂੰ ਦੱਸਿਆ ਕਿ ਬੇਮੌਸਮ ਬਰਸਾਤ ਨੇ ਉਨ੍ਹਾਂ ਦੀ ਪੱਕੀ ਹੋਈ ਕਣਕ ਦੀ ਫਸਲ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ। ਬਰਸਾਤ ਕਾਰਨ ਉਨ੍ਹਾਂ ਦੀ ਖੇਤਾਂ 'ਚ ਖੜ੍ਹੀ ਕਣਕ ਦੀ ਫਸਲ ਪੂਰੀ ਤਰ੍ਹਾਂ ਨਾਲ ਵਿਛ ਗਈ ਹੈ ਅਤੇ ਖੇਤਾਂ ਵਿੱਚ ਪਾਣੀ ਖੜ੍ਹਾ ਹੋ ਗਿਆ ਹੈ। ਕਿਸਾਨਾਂ ਨੇ ਦੱਸਿਆ ਕਿ ਇੱਕ ਕਿੱਲੇ ਪਿੱਛੇ ਉਨ੍ਹਾਂ ਨੂੰ ਲਗਭਗ ਦੱਸ ਤੋਂ ਵੀਹ ਫੀਸਦੀ ਤੱਕ ਨੁਕਸਾਨ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਪਹਿਲੇ ਹੀ ਕਰਜ਼ੇ ਹੇਠਾਂ ਦੱਬੇ ਹੋਏ ਹਨ ਅਤੇ ਅਚਾਨਕ ਪਏ ਮੀਂਹ ਕਾਰਨ ਉਨ੍ਹਾਂ ਦੀਆਂ ਉਮੀਦਾਂ 'ਤੇ ਪਾਣੀ ਫਿਰ ਗਿਆ। ਉਨ੍ਹਾਂ ਲੱਖਾਂ ਦਾ ਨੁਕਸਾਨ ਹੋਣ 'ਤੇ ਵੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਦੇ ਕਿਸੇ ਵੀ ਸਰਕਾਰੀ ਅਧਿਕਾਰੀ ਵੱਲੋਂ ਸਾਰ ਨਾ ਲਏ ਜਾਣ ਤੇ ਨਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਗਰੀਬ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਵਿੱਚ ਅਣਗਿਹਲੀ ਕੀਤੇ ਜਾਣ ਤੇ ਅਫ਼ਸੋਸ ਪ੍ਰਗਟ ਕੀਤਾ ਹੈ।