ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂਆਂ ਨੇ ਅੰਮ੍ਰਿਤਸਰ ਦੇ ਅਟਾਰੀ ਸਾਹਿਬ ਵਿਖੇ ਪਛਚਾਤਾਪ ਸਮਾਗਮ ਕਰਵਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਸਣੇ ਹੋਰ ਆਗੂਆਂ ਨੇ ਵੀ ਸ਼ਿਰਕਤ ਕੀਤੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂਆਂ ਦਾ ਵਫ਼ਦ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਕੋਈ ਵੀ ਜਵਾਬ ਨਹੀਂ ਦਿੱਤਾ ਹੈ। ਉਹ ਨਾ ਇਹ ਦੱਸ ਰਹੇ ਹਨ ਕਿ ਆਖ਼ਿਰ ਇਹ ਪਾਵਨ ਸਰੂਪ ਕਿਥੇ ਭੇਜੇ ਗਏ ਹਨ ਅਤੇ ਹੁਣ ਉਹ ਕਿਥੇ ਹਨ ਪਰ ਇਸ ਸਾਰੇ ਮਾਮਲੇ ਵਿੱਚ ਪਾਵਨ ਸਰੂਪਾਂ ਦੇ ਗਬਨ ਦੀ ਗੱਲ ਵੀ ਸਾਹਮਣੇ ਆਈ ਹੈ।
ਢੀਂਡਸਾ ਨੇ ਕਿਹਾ ਕਿ ਇਸ ਹੀ ਕਾਰਨ ਉਨ੍ਹਾਂ ਦੀ ਪਾਰਟੀ ਵੱਲੋਂ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ, ਇਸ 'ਚ ਸੂਬੇ ਦੇ ਸਾਰੇ ਜ਼ਿਲ੍ਹਿਆ 'ਚ ਪਛਚਾਤਾਪ ਵਜੋਂ ਸਮਾਗਮ ਕਰਵਾਏ ਜਾਣਗੇ।
ਕਿਸਾਨੀ ਦੇ ਮੁੱਦੇ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਇਹ ਸਾਰੇ ਦੇਸ਼ ਦਾ ਇੱਕ ਗੰਭੀਰ ਮੁੱਦਾ ਹੈ। ਇਸ ਲਈ ਅਸੀਂ ਕਿਸਾਨਾਂ ਦੇ ਨਾਲ ਹਾਂ। ਇਸ ਤੋਂ ਇਲਾਵਾ ਸਾਡੀ ਪਾਰਟੀ ਵੱਲੋਂ ਕਿਸਾਨਾਂ ਦਾ ਮਸਲਾ ਛੇਤੀ ਹੱਲ ਕਰਨ ਬਾਰੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿੱਖੀ ਗਈ ਹੈ।