ਅੰਮ੍ਰਿਤਸਰ : ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਰੋਸ ਹੈ। ਇਸੇ ਕੜੀ 'ਚ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਮਾਨਾਵਾਲਾ ਟੋਲ ਪਲਾਜ਼ਾ ਦੋ ਘੰਟਿਆਂ ਲਈ ਜਾਮ ਕਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਦੋਹਾਂ ਸੂਬਿਆਂ ਦੀਆਂ ਕਿਸਾਨ ਜੱਥੇਬੰਦੀਆਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਆਪਣਾ ਸੰਘਰਸ਼ ਜਾਰੀ ਰੱਖਣਗੀਆਂ।
ਜ਼ਿਕਰਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਪੰਜਾਬ ਤੇ ਹਰਿਆਣਾ ਦੇ ਕਿਸਾਨ ਲਗਾਤਾਰ ਕੇਂਦਰ ਸਰਕਾਰ ਖਿਲਾਫ ਰੋਸ ਮੁਜ਼ਾਹਰੇ ਕਰ ਰਹੇ ਹਨ। ਇਸ ਤਹਿਤ ਜਦ ਹਰਿਆਣਾ ਦੇ ਕਿਸਾਨਾਂ ਨੇ ਖੇਤੀ ਸੁਧਾਰ ਕਾਨੂੰਨ ਦਾ ਵਿਰੋਧ ਕਰਦਿਆਂ ਰੋਸ ਪ੍ਰਦਰਸ਼ਨ ਕੀਤੇ ਤਾਂ ਪੁਲਿਸ ਵੱਲੋਂ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ।
ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਇਸ ਘਟਨਾ ਦਾ ਵਿਰੋਧ ਕੀਤਾ। ਇਸੇ ਕੜੀ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਕਿਸਾਨਾਂ ਨੇ ਅੰਮ੍ਰਿਤਸਰ ਵਿਖੇ ਸਥਿਤ ਮਾਨਾਵਾਲਾ ਟੋਲ ਪਲਾਜ਼ਾ ਉੱਤੇ ਧਰਨਾ ਲਾ ਲਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨਾਂ ਨੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੂੰ ਕਿਸੇ ਦੀ ਵੀ ਟੋਲ ਪਰਚੀ ਨਹੀਂ ਕੱਟਣ ਦਿੱਤੀ। ਜਿਸ ਕਾਰਨ ਲੋਕਾਂ ਲਈ ਯਾਤਰਾ ਟੋਲ ਫ੍ਰੀ ਹੋ ਗਈ। ਕਿਸਾਨਾਂ ਦੇ ਧਰਨੇ ਕਾਰਨ ਕਿਸੇ ਵੀ ਤਰੀਕੇ ਆਵਾਜਾਈ ਪ੍ਰਭਾਵਤ ਨਹੀਂ ਹੋਈ।
ਕਿਸਾਨਾਂ ਨੇ ਆਖਿਆ ਕਿ ਉਹ ਸੂਬਾ ਸਰਕਾਰਾਂ ਤੇ ਕੇਂਦਰ ਸਰਕਾਰ ਨੂੰ ਇਹ ਦੱਸ ਦੇਣਾ ਚਾਹੁੰਦੇ ਹਨ ਕਿ ਭਾਂਵੇ ਹਰਿਆਣਾ ਦੀ ਭਾਜਪਾ ਸਰਕਾਰ ਲੱਖ ਕੋਸ਼ਿਸ਼ਾ ਕਰ ਲਵੇ ਪਰ ਕਿਸਾਨਾਂ ਨੂੰ ਰੋਕਣਾ ਸੌਖਾ ਨਹੀਂ ਹੋਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਤੇ ਹਰਿਆਣਾ ਦੋਹਾਂ ਸੂਬਿਆਂ ਦੀਆਂ ਕਿਸਾਨ ਜੱਥੇਬੰਦੀਆਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਆਪਣਾ ਸੰਘਰਸ਼ ਜਾਰੀ ਰੱਖਣਗੀਆਂ। ਉਨ੍ਹਾਂ ਆਖਿਆ ਕਿ ਜਦ ਤੱਕ ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਵੇਗੀ, ਉਦੋਂ ਤੱਕ ਇਹ ਧਰਨੇ ਜਾਰੀ ਰਹਿਣਗੇ। ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾ ਛੇਤੀ ਨਾ ਮੰਨੀਆਂ ਗਈਆਂ ਤਾਂ ਉਹ ਹੋਰ ਵੱਡਾ ਸੰਘਰਸ਼ ਵਿੱਢਣਗੇ ਜਿਸ ਨਾਲ ਸਰਕਾਰ ਲਈ ਆਉਣ ਵਾਲਾ ਸਮਾਂ ਹੋਰ ਔਖਾ ਹੋ ਜਾਵੇਗਾ।