ਅੰਮ੍ਰਿਤਸਰ : ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ 'ਤੇ ਅੜੇ ਹੋਏ ਹਨ। ਇਸ ਦੇ ਚਲਦੇ ਕਿਸਾਨਾਂ ਵੱਲੋਂ ਦਿੱਲੀ-ਹਰਿਆਣਾ ਤੇ ਦਿੱਲੀ-ਯੂਪੀ ਦੇ ਬਾਰਡ 'ਤੇ ਧਰਨੇ ਜਾਰੀ ਹਨ। ਦੇਸ਼ ਭਰ ਤੋਂ ਕਈ ਸੰਸਥਾਵਾਂ ਤੇ ਸੰਗਠਨਾਂ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ।
ਇਸੇ ਕੜੀ 'ਚ ਅੰਮ੍ਰਿਤਸਰ ਤੋਂ ਕਈ ਕਿਸਾਨ ਜੱਥੇਬੰਦੀਆਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਰਕਰ ਤੇ ਕਿਸਾਨ ਜੱਥੇਬੰਦੀਆਂ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਈਆਂ। ਦਿੱਲੀ ਲਈ ਕੂਚ ਕਰਨ ਤੋਂ ਪਹਿਲਾਂ ਕਿਸਾਨਾਂ ਤੇ ਕਿਸਾਨ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਕਿਸਾਨਾਂ ਦੀ ਜਿੱਤ ਲਈ ਅਰਦਾਸ ਕੀਤੀ।
ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ, ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕੂਚ ਕਰਨ ਤੋਂ ਪਹਿਲਾਂ ਗੁਰੂ ਘਰ ਨਤਮਸਤਕ ਹੋਣ ਪੁੱਜੇ ਹਨ। ਇਥੇ ਉਨ੍ਹਾਂ ਨੇ ਕਿਸਾਨਾਂ ਦੀ ਜਿੱਤ ਲਈ ਅਰਦਾਸ ਕੀਤੀ ਤਾਂ ਜੋ ਪੀਐਮ ਮੋਦੀ ਸੱਰਬਤ ਦੇ ਭਲੇ ਨੂੰ ਮੁੱਖ ਰੱਖਦਿਆਂ ਕਿਸਾਨਾਂ ਦੀਆਂ ਮੰਗਾਂ ਮੰਨ ਲੈਣ। ਉਨ੍ਹਾਂ ਕਿਹਾ ਕਿ ਇਸ ਦੌਰਾਨ ਹੋਰਨਾਂ ਜ਼ਿਲ੍ਹਿਆਂ ਤੋਂ ਵੀ ਕਿਸਾਨ ਇਸ ਕਾਫਲੇ 'ਚ ਸ਼ਾਮਲ ਹੋਣਗੇ। ਅੰਮ੍ਰਿਤਸਰ ਤੋਂ ਕਿਸਾਨ ਲਗਭਗ 700 ਟਰਾਲਿਆਂ 'ਚ ਸਵਾਰ ਹੋ ਕੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਿਸਾਨ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੋਦੀ ਸਰਕਾਰ ਇਹ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ।