ਅੰਮ੍ਰਿਤਸਰ : ਐਤਵਾਰ ਨੂੰ ਹਿਸਾਰ ਵਿਖੇ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿੱਚ ਭਾਰੀ ਰੋਸ ਹੈ। ਅੰਮ੍ਰਿਤਸਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਹਰਿਆਣਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ਆਗੂ ਤੇ ਮਜ਼ਦੂਰ ਯੂਨੀਅਨ ਦੇ ਵਰਕਰ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਇਹ ਰੋਸ ਪ੍ਰਦਰਸ਼ਨ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਵੀ ਸਾੜਿਆ ਤੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਵੀ ਕੀਤੀ।
ਕਿਸਾਨਾਂ 'ਤੇ ਲਾਠੀਚਾਰਜ ਦੀ ਨਿਖੇਧੀ
ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ, ਹਰਿਆਣਾ ਸਰਕਾਰ ਵੱਲੋਂ ਹਿਸਾਰ 'ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਲਾਠੀਚਾਰਜ ਕਰਨਾ, ਅੱਥਰੂ ਗੈਸ ਦੇ ਗੋਲੇ ਛੱਡਣਾ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਬੇਹਦ ਸ਼ਰਮਨਾਕ ਘਟਨਾ ਹੈ। ਉਨ੍ਹਾਂ ਕਿਹਾ ਕਿਸਾਨ ਮਜ਼ਦੂਰ ਯੂਨੀਅਨ ਇਸ ਦੀ ਨਿਖੇਧੀ ਕਰਦਾ ਹੈ।
ਕਿਸਾਨਾਂ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ਼
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਕੋਰੋਨਾ ਵਾਇਰਸ ਦਾ ਡਰ ਪੈਦਾ ਕੀਤਾ ਜਾ ਰਿਹਾ ਹੈ। ਹਰਿਆਣਾ ਦੀ ਖੱਟਰ ਸਰਕਾਰ ਤੇ ਕੇਂਦਰ ਸਰਕਾਰ ਮਿਲ ਕੇ ਕਿਸਾਨ ਅੰਦੋਲਨ ਨੂੰ ਖ਼ਰਾਬ ਕਰਨ ਲਈ ਅਜਿਹੀਆਂ ਕੋਝੀਆਂ ਚਾਲਾਂ ਚੱਲ ਰਹੀਆਂ ਹਨ। ਪੰਧੇਰ ਨੇ ਕਿਹਾ ਕਿ ਬੀਤੇ ਛੇ ਮਹੀਨੀਆਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ਉੱਤੇ ਸ਼ਾਂਤਮਈ ਢੰਗ ਨਾਲ ਕਿਸਾਨ ਅੰਦੋਲਨ ਕਰ ਰਹੇ ਹਨ, ਇਸ ਦੌਰਾਨ ਸਥਾਨਕ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਪੇਸ਼ ਆਈ। ਕੇਂਦਰ ਸਰਕਾਰ ਤੋਂ ਡਰ ਕੇ ਹਰਿਆਣਾ ਸਰਕਾਰ ਲਗਾਤਾਰ ਕਿਸਾਨਾਂ ਉੱਤੇ ਤਸ਼ੱਦਦ ਢਾਹ ਰਹੀ ਹੈ ਤੇ ਵੱਖ-ਵੱਖ ਤਰੀਕੀਆਂ ਨਾਲ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਅਜਿਹਾ ਕਰਕੇ ਖੱਟਰ ਸਰਕਾਰ, ਮੋਦੀ ਸਰਕਾਰ ਤੇ ਕਾਰਪੋਰੇਟ ਪੱਖੀ ਹੋਣ ਦਾ ਸਬੂਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਹਰਿਆਣਾ ਸਰਕਾਰ ਅੰਦੋਲਨ ਕਰਨ ਵਾਲੇ ਕਿਸਾਨਾਂ ਕੋਰੋਨਾ ਦਾ ਡਰ ਵਿਖਾ ਰਹੀ ਹੈ ਜਦੋਂ ਕਿ ਖ਼ੁਦ ਭਾਰੀ ਇੱਕਠ ਕਰਕੇ ਕਈ ਤਰ੍ਹਾਂ ਦੇ ਹਸਪਤਾਲਾਂ ਤੇ ਹੋਰਨਾਂ ਥਾਵਾਂ ਦੇ ਉਦਘਾਟਨ ਕਰ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਖੇਤੀ ਕਾਨੂੰਨ ਰੱਦ ਹੋਣ ਤੇ ਐਮਐਸਪੀ ਲਾਗੂ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰੱਖਣ ਦੀ ਗੱਲ ਆਖੀ।