ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬੀਤੇ ਦਿਨੀਂ ਕਿਸਾਨਾਂ ਵੱਲੋਂ ਚੰਡੀਗੜ੍ਹ ਵਿਖੇ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਵਲੋਂ ਕੀਤੇ ਗਏ ਮਾਰਚ ਦੌਰਾਨ ਕਈ ਥਾਵਾਂ 'ਤੇ ਚੰਡੀਗੜ੍ਹ ਪੁਲਿਸ ਵਲੋਂ ਬੈਰੀਕੇਡ ਵੀ ਲਗਾਏ ਗਏ, ਜਿਨਾਂ ਨੂੰ ਕਿਸਾਨਾਂ ਵਲੋਂ ਪਾਰ ਵੀ ਕੀਤਾ ਗਿਆ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਵਲੋਂ ਕਈ ਕਿਸਾਨ ਆਗੂਆਂ 'ਤੇ ਮਾਮਲਾ ਵੀ ਦਰਜ ਕੀਤਾ ਗਿਆ, ਜਿਨਾਂ 'ਚ ਬਲਦੇਵ ਸਿੰਘ ਸਿਰਸਾ ਦਾ ਨਾਮ ਵੀ ਸ਼ਾਮਲ ਹੈ।
ਇਸ ਸਬੰਧੀ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਅਜਨਾਲਾ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਅਜਿਹਾ ਕਦੇ ਨਹੀਂ ਹੋਵੇਗਾ। ਸਾਡਾ ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਹ ਜੋ ਉਨ੍ਹਾਂ 'ਤੇ ਮਾਮਲਾ ਦਰਜ ਕੀਤਾ ਗਿਆ, ਇਹ ਬਿਲਕੁਲ ਝੂਠ ਹੈ ਅਤੇ ਉਨ੍ਹਾਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਗਿਆ ਸੀ।
ਸਿਰਸਾ ਨੇ ਕਿਹਾ ਕਿ ਉਨ੍ਹਾਂ ਵਲੋਂ ਸ਼ਾਂਤਮਈ ਤਰੀਕੇ ਨਾਲ ਇਹ ਰੋਸ ਪੱਤਰ ਦਿੱਤਾ ਜਾਣਾ ਸੀ ਪਰ ਪੁਲਿਸ ਵਲੋਂ ਜਾਣ ਬੁੱਝ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਨ੍ਹਾਂ ਦੇ ਉੱਪਰ ਤਸ਼ੱਦਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਜੋ ਰੋਸ ਪੱਤਰ ਦਿੱਤਾ ਗਿਆ ਹੈ ਉਸ 'ਚ ਲਿਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਜੋ ਇਹ ਖੇਤੀ ਕਾਨੂੰਨ ਬਣਾਏ ਗਏ ਹਨ, ਉਨ੍ਹਾਂ 'ਤੇ ਰਾਸ਼ਟਰਪਤੀ ਵੱਲੋਂ ਵੀ ਅੱਖਾਂ ਬੰਦ ਕਰਕੇ ਦਸਤਖ਼ਤ ਕੀਤੇ ਗਏ ਹਨ।
ਸਿਰਸਾ ਨੇ ਕਿਹਾ ਕਿ ਉਨ੍ਹਾਂ 'ਤੇ ਜਿਹੜਾ ਮਾਮਲਾ ਦਰਜ ਕੀਤਾ ਗਿਆ ਹੈ, ਉਹ ਇਸ ਦੀ ਪ੍ਰਵਾਹ ਨਹੀਂ ਕਰਦੇ ਕਿਉਂਕਿ ਪਹਿਲਾਂ ਵੀ ਸਰਕਾਰ ਵਲੋਂ ਕਿਸਾਨੀ ਅੰਦੋਲਨ ਨੂੰ ਦਬਾਉਂਣ ਲਈ ਉਨ੍ਹਾਂ 'ਤੇ ਬਹੁਤ ਸਾਰੇ ਅਜਿਹੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਹ ਪਿਛੇ ਨਹੀਂ ਹਟਣਗੇ।