ਅੰਮ੍ਰਿਤਸਰ: ਸਿੱਖਾ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾਂ ਪ੍ਰਕਾਸ਼ ਪੂਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਅਤੇ 401ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ। ਜਿਸ ਦੀ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਮੌਕੇ 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਭਾਈ ਰਾਜਦੀਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾਂ ਪ੍ਰਕਾਸ਼ ਪੂਰਬ ਪੂਰੇ ਦੇਸ਼ ਵਿਦੇਸ਼ ਦੀ ਸੰਗਤ ਵੱਲੋਂ ਮਨਾਇਆ ਗਿਆ ਹੈ ਅਤੇ ਇਸ ਸਾਲ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਮੌਕੇ ਸਮਾਗਮਾਂ ਦਾ ਪ੍ਰਬੰਧ ਕਰਨਾ ਗੁਰੂ ਸਾਹਿਬ ਦੀ ਸ਼ਰਧਾ ਤੇ ਸਤਿਕਾਰ ਦੇ ਪੱਖ ਤੋਂ ਮਹੱਤਵਪੂਰਨ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਸਬੰਧੀ ਕੀਤੇ ਜਾਣ ਵਾਲੇ ਸਮਾਗਮ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਹਾਜ਼ਰੀ ਭਰਨਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 21 ਅਪ੍ਰੈਲ ਨੂੰ ਸਵੇਰੇ ਪਾਏ ਜਾਣਗੇ, ਜਿਸ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਆਰੰਭ ਹੋਵੇਗਾ। ਇਸ ਤੋਂ ਪਹਿਲਾਂ 20 ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਇਸੇ ਦਿਨ ਸ਼ਾਮ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵਿਸ਼ਾਲ ਕੀਰਤਨ ਦਰਬਾਰ ਦਾ ਵੀ ਆਯੋਜਨ ਕੀਤਾ ਜਾਵੇਗਾ।
ਇਹ ਵੀ ਪੜੋ: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾਂ ਪ੍ਰਕਾਸ਼ ਦਿਹਾੜਾ, ਲਾਲ ਕਿਲ੍ਹੇ ਤੋਂ ਸੰਬੋਧਨ ਕਰਨਗੇ ਪੀਐੱਮ ਮੋਦੀ