ਅੰਮ੍ਰਿਤਸਰ: ਕੋਰੋਨਾ ਕਰਕੇ ਪੰਜਾਬ ਦੇ ਆਰਥਿਕ ਢਾਂਚੇ ਉੱਪਰ ਸੱਟ ਵੱਜੀ ਹੈ। ਆਮ ਲੋਕਾਂ ਦੇ ਰੁਜ਼ਗਾਰ ਖੁਸ ਜਾਣ ਕਰਕੇ ਉਨ੍ਹਾਂ ਨੂੰ ਕਈ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵੱਲੋਂ ਘਰ-ਘਰ ਰਾਸ਼ਨ ਪੁਚਾਉਣ ਦੀ ਗੱਲ ਕਹੀ ਗਈ ਸੀ ਪਰ ਜ਼ਮੀਨੀ ਪੱਧਰ ਦੇ ਹਾਲਾਤ ਸਰਕਾਰ ਦੀਆਂ ਹਦਾਇਤਾਂ ਦੇ ਅਨਕੂਲ ਨਹੀਂ ਹਨ। ਇਸ ਕਰਫ਼ਿਊ ਦੇ ਦੌਰਾਨ ਪੰਜਾਬ ਸਰਕਾਰ ਦੀਆਂ ਨੀਤੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਗੱਲਬਾਤ ਕੀਤੀ ਗਈ।
ਭਾਈ ਮਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਫੈਸਲਾ ਆਪਣੇ ਪੱਧਰ 'ਤੇ ਨਹੀਂ ਲੈਂਦੇ, ਸਗੋਂ ਪੰਜਾਬ ਵਿੱਚ ਤਾਂ ਅਫ਼ਸਰਸ਼ਾਹੀ ਦੀ ਚੱਲਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਪਹਿਲਾਂ ਹੀ ਘਰੋਂ ਨਹੀਂ ਬਾਹਰ ਨਿਕਲਦੇ ਸਨ ਹੁਣ ਤਾਂ ਉਨ੍ਹਾਂ ਨੂੰ ਕੋਰੋਨਾ ਕਰਕੇ ਬਹਾਨਾ ਮਿਲ ਗਿਆ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਰਾਸ਼ਨ ਦੇਣ ਵੇਲੇ ਆਧਾਰ ਕਾਰਡ ਜਾਂ ਕੋਈ ਹੋਰ ਕਾਰਡ ਦਾ ਕਹਿਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਭੁੱਖ ਅੱਗੇ ਕਿਸੇ ਕਾਰਡ ਦਾ ਕੋਈ ਮਤਲਬ ਨਹੀਂ। ਭਾਈ ਮਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਦਾ ਵਤੀਰਾ ਪੱਖਪਾਤੀ ਹੈ, ਉਨ੍ਹਾਂ ਨੂੰ ਰਾਸ਼ਨ ਵੰਡਣ ਵੇਲੇ ਸਾਰਿਆਂ ਨੂੰ ਬਰਾਬਰ ਦਾ ਸਮਝਣਾ ਚਾਹੀਦਾ ਹੈ।