ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਵਾਧੂ ਲਗਾਂ-ਮਾਤਰਾਂ ਲਗਾ ਕੇ ਸਰੂਪ ਛਾਪਣ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 3 ਮਈ ਨੂੰ ਪੰਥਕ ਜਥੇਬੰਦੀਆਂ ਨੂੰ ਇੱਕਠਾ ਹੋਣ ਲਈ ਹੁਕਮਨਾਮਾ ਜਾਰੀ ਕੀਤਾ ਗਿਆ ਸੀ। ਇਸ ਸੱਦੇ ਤੋਂ ਬਾਅਦ ਸਮੂਹ ਜਥੇਬੰਦੀਆਂ ਦੇ ਨੁਮਾਇੰਦੇ ਇੱਕਠੇ ਹੋਏ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਥਮਿੰਦਰ ਸਿੰਘ ਤੇ ਵੱਡਾ ਐਕਸ਼ਨ ਲਿਆ ਗਿਆ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਉਸ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਵਾਸਤਾ ਨਾ ਰੱਖੇ। ਨਾਲ ਹੀ ਉਨ੍ਹਾਂ ਕਿਹਾ ਕਿ ਅਮਰੀਕਾ ਚ ਬੈਠਾ ਥਮਿੰਦਰ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਨਾਲ ਛੇੜਛਾੜ ਕਰ ਛਪਾਈ ਕਰ ਰਿਹਾ ਸੀ। ਉਨ੍ਹਾਂ ਵੱਲੋਂ ਅਜਿਹਾ ਕਰਨ ’ਤੇ ਉਸਨੂੰ ਦੋਸ਼ੀ ਕਰਾਰ ਦਿੱਤਾ ਹੈ ਅਤੇ ਛਪਾਈ ’ਤੇ ਰੋਕ ਲਗਾਈ ਗਈ ਹੈ।
ਇਸ ਦੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਥਮਿੰਦਰ ਸਿੰਘ ਨੂੰ ਤਨਖਾਹੀਆਂ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਜਥੇਦਾਰ ਨੇ ਇਹ ਵੀ ਕਿਹਾ ਕਿ ਸਿੱਖ ਭਾਈਚਾਰੇ ਨੂੰ ਦਿੱਤਾ ਗਿਆ ਆਦੇਸ਼ ਕੋਈ ਵੀ ਸਿੱਖ ਥਮਿੰਦਰ ਦੇ ਨਾਲ ਸਾਂਝ ਨਾ ਰੱਖੇ।
ਉੱਥੇ ਹੀ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸਿੱਖ ਭਾਈਚਾਰਾ ਸਾਂਝੀਆਂ ਕੋਸ਼ਿਸ਼ਾਂ ਕਰੇ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਾਰਾ ਸਿੱਖ ਭਾਈਚਾਰਾ ਸਾਡਾ ਸਹਿਯੋਗ ਕਰੇ ਤਾਂਕਿ ਸਿੱਖ ਧਰਮ ਨੂੰ ਬਚਾਇਆ ਜਾ ਸਕੇ।
ਇਹ ਵੀ ਪੜੋ: ਖੁਦ ਨੂੰ CM ਭਗਵੰਤ ਮਾਨ ਦਾ OSD ਦੱਸਣ ਵਾਲਾ ਆਇਆ ਪੁਲਿਸ ਅੜ੍ਹਿੱਕੇ