ਅੰਮ੍ਰਿਤਸਰ: ਪ੍ਰਵਾਸੀ ਮਜ਼ਦੂਰਾਂ ਨੂੰ ਪੰਜਾਬ ਛੱਡ ਕੇ ਨਾ ਜਾਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਹਰ ਸੰਭਵ ਮਦਦ ਦੇ ਕੀਤੇ ਦਾਅਵੇ ਉਸ ਸਮੇਂ ਖੋਖਲੇ ਨਜ਼ਰ ਆਏ, ਜਦੋਂ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਮਜ਼ਦੂਰਾਂ ਨੇ ਸੂਬਾ ਸਰਕਾਰ ਵਿਰੁੱਧ ਇੱਕ ਅਨੋਖਾ ਪ੍ਰਦਰਸ਼ਨ ਕੀਤਾ।
ਪ੍ਰਵਾਸੀ ਮਜ਼ਦੂਰਾਂ ਨੇ ਖਾਲੀ ਭਾਂਡੇ ਖੜਕਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਰੋਸ ਜਤਾਇਆ ਅਤੇ ਮੰਗ ਕੀਤੀ ਕਿ ਉਨ੍ਹਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਇੱਕ ਮਜ਼ਦੂਰ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਕਸਦਿਆਂ ਕਿਹਾ ਕਿ ਇਹ ਭਾਂਡੇ ਖਾਲੀ ਨਹੀਂ, ਇਨ੍ਹਾਂ ਵਿੱਚ ਮੁੱਖ ਮੰਤਰੀ ਵੱਲੋਂ ਦਿੱਤਾ ਗਿਆ ਰਾਸ਼ਨ ਹੈ।
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਮੇਂ-ਸਮੇਂ 'ਤੇ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਕਈ ਐਲਾਨ ਕੀਤੇ ਗਏ ਅਤੇ ਇਹ ਵੀ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਕੋਈ ਵੀ ਮਜ਼ਦੂਰ ਭੁੱਖਾ ਨਹੀਂ ਰਹੇਗਾ। ਪਰ ਇਨ੍ਹਾਂ ਮਜ਼ਦੂਰਾਂ ਵੱਲੋਂ ਕੀਤਾ ਗਿਆ ਇਹ ਪ੍ਰਦਰਸ਼ਨ ਮੁੱਖ ਮੰਤਰੀ ਨੇ ਵੱਡੇ-ਵੱਡੇ ਐਲਾਨਾਂ ਅਤੇ ਦਾਅਵਿਆਂ 'ਤੇ ਸਵਾਲ ਖੜੇ ਕਰ ਰਿਹਾ ਹੈ।