ਅੰਮ੍ਰਿਤਸਰ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਇਥੇ ਰਣਜੀਤ ਐਵੇਨਿਊ ਇਲਾਕੇ ਵਿੱਚ ਕਿਸਾਨ ਬੀਬੀਆਂ ਦਾ ਇੱਕ ਵੱਡਾ ਇਕੱਠ ਕਰਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਇਸ ਦੌਰਾਨ ਜਥੇਬੰਦੀ ਨੇ ਦੇਵੀਦਾਸਪੁਰਾ ਵਿੱਚ ਰੇਲ ਪਟੜੀਆਂ 'ਤੇ ਚੱਲ ਰਿਹਾ ਧਰਨਾ ਵੀ ਜਾਰੀ ਰੱਖਿਆ ਹੈ। ਇਥੇ ਰਣਜੀਤ ਐਵੇਨਿਊ ਵਿੱਚ ਬੀਬੀਆਂ ਦਾ ਵੱਡਾ ਇਕੱਠ ਕੀਤਾ ਗਿਆ। ਬੀਬੀਆਂ ਨੇ ਕੇਸਰੀ ਦੁਪੱਟੇ ਲਏ ਹੋਏ ਸਨ।
ਜਥੇਬੰਦੀ ਦੇ ਆਗੂ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਇਸੇ ਤਰ੍ਹਾਂ ਦੇ ਵੱਡੇ ਪੁਤਲੇ ਅੱਜ ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਕਪੂਰਥਲਾ ਤੇ ਹੋਰ ਥਾਵਾਂ 'ਤੇ ਵੀ ਸਾੜੇ ਗਏ ਹਨ। ਕਿਸਾਨ ਆਗੂਆਂ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਵੱਲੋਂ ਦਿੱਤੇ ਗਏ ਬਿਆਨ ਦੀ ਸਖ਼ਤ ਨਿੰਦਾ ਕਰਦਿਆਂ ਆਖਿਆ ਕਿ ਇਹ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਲਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨਿਗਮੀ ਘਰਾਣਿਆਂ ਦੇ ਹੱਥੋਂ ਕਿਸਾਨਾਂ , ਮਜ਼ਦੂਰਾਂ ਅਤੇ ਆਮ ਲੋਕਾਂ ਦੀ ਲੁੱਟ ਕਰਵਾਉਣ ਦਾ ਰਾਹ ਪੱਧਰਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨਾਂ ਦੀ ਗੱਲ ਸੁਣਨ ਦਾ ਸਮਾਂ ਨਹੀਂ ਪਰ ਬਿਹਾਰ 'ਚ ਵੋਟਾਂ ਮੰਗਣ ਦਾ ਸਮਾਂ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਪਣੇ ਅਹੁਦੇ ਦੀ ਸਨਮਾਨ ਨੂੰ ਇਸ ਤਰ੍ਹਾਂ ਕਰਕੇ ਢਾਹ ਲਾ ਰਹੇ ਹਨ।
ਇਸ ਮੌਕੇ ਮਤਾ ਪਾਸ ਕਰਕੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ, ਬੱਚਿਆਂ ਨੂੰ ਬੀਏ ਤੱਕ ਮੁਫ਼ਤ ਵਿਦਿਆ ਦੇਣ, ਸਰਕਾਰ ਵੱਲੋਂ ਜਨਤਕ ਜ਼ਮੀਨਾਂ ਨੂੰ ਵੇਚਣਾ ਬੰਦ ਕਰਨ ਅਤੇ ਔਰਤਾਂ ਤੇ ਬਜ਼ੁਰਗਾਂ ਦਾ ਸਨਮਾਨ ਕਰਨ ਆਦਿ ਮੰਗਾਂ ਰੱਖੀਆਂ ਗਈਆਂ।
ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨ੍ਹਾਂ ਸਮਾਂ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ। ਉਸ ਸਮੇਂ ਤੱਕ ਉਨ੍ਹਾਂ ਦਾ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।