ਅੰਮ੍ਰਿਤਸਰ: 26 ਜਨਵਰੀ ਨੂੰ ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਜਾਂਦਾ ਹੈ। ਇਸ ਮੌਕੇ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਆਯੋਜਿਤ ਕੀਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਨਗਰ ਕੀਰਤਨ ਦੀ ਆਰਭੰਤਾ ਅਰਦਾਸ ਨਾਲ ਹੋਈ। ਇਸ ਮੌਕੇ ਸ੍ਰੀ ਗੁਰੂ ਗ੍ਰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰੀਆਂ ਦੀ ਅਗਵਾਈ 'ਚ ਨਗਰ ਕੀਰਤਨ ਕੱਢਿਆ ਗਿਆ।
ਇਸ ਮੌਕੇ ਪਾਲਕੀ ਸਾਹਿਬ ਵੀ ਸਜਾਈ ਗਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ ਗਈ। ਇਹ ਨਗਰ ਕੀਰਤਨ ਘੰਟਾ ਘਰ, ਜਲ੍ਹਿਆਂਵਾਲਾ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮਾਪਤ ਹੋਇਆ।
ਨਗਰ ਕੀਰਤਨ ਦੌਰਾਨ ਵੱਖ-ਵੱਖ ਧਾਰਮਿਕ ਸਭਾ ਤੇ ਸੰਗਠਨਾਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ 'ਚ ਸ਼ਾਮਲ ਹੋਏ। ਇਸ ਮੌਕੇ ਸੰਗਤ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਰਾਗੀ ਜੱਥਿਆਂ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਲਈ ਲੰਗਰਸ ਜਲ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ।