ਅੰਮ੍ਰਿਤਸਰ: ਸਰਕਾਰੀ ਮੈਡੀਕਲ ਕਾਲਜ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਰੀਵਿਊ ਮੀਟਿੰਗ ਕੀਤੀ। ਇਸ ਮੀਟਿੰਗ 'ਚ ਪ੍ਰਮੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਡੀ ਕੇ ਤਿਵਾੜੀ ਸਣੇ ਵੱਖ ਵੱਖ ਵਿਭਾਗਾਂ ਦੇ ਅਧਕਾਰੀ ਹਾਜ਼ਰ ਸਨ। ਮੀਟਿੰਗ ਤੋਂ ਪਹਿਲਾਂ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੈਡੀਕਲ ਕਾਲਜ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਅੰਮ੍ਰਿਤਸਰ ਵਿਖੇ 120 ਕਰੋੜ ਰੁਪਏ ਦੀ ਲਾਗਤ ਨਾਲ ਸਟੈਟ ਕੈਂਸਰ ਇੰਸਟੀਚਿਊਟ ਸਥਾਪਤ ਕੀਤਾ ਜਾ ਰਿਹਾ ਹੈ। ਇਸ ਦਾ 80 ਫੀਸਦੀ ਤੋਂ ਜਿਆਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਤੇ 30 ਜੂਨ 2021 ਤੱਕ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਇੰਸਟੀਚਿਊਟ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਪੀਜੀਆਈ ਚੰਡੀਗੜ੍ਹ ਜਾਂ ਦਿੱਲੀ ਜਾਣ ਦੀ ਲੋੜ ਨਹੀਂ ਪਵੇਗੀ।
ਮੰਤਰੀ ਨੇ ਦੱਸਿਆ ਕਿ ਇਸ ਇੰਸਟੀਚਿਊਟ 'ਚ ਸਿਹਤ ਸਹੂਲਤਾਂ, ਆਧੁਨਿਕ ਮਸ਼ੀਨਾਂ ਸਥਾਪਤ ਕੀਤੀਆਂ ਜਾਣਗੀਆਂ ਅਤੇ ਹਰ ਕਿਸਮ ਦੇ ਟੈਸਟ ਕਰਨ ਦੀ ਵਿਵਸਥਾ ਵੀ ਹੋਵੇਗੀ। ਸੋਨੀ ਨੇ ਪੀਡਬਲਯੂਡੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੈਡੀਕਲ ਕਾਲਜ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਖ਼ਤ ਸ਼ਬਦਾਂ 'ਚ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਥੋਂ ਦੇ ਸਾਰੇ ਕੰਮਾਂ ਨੂੰ ਗੁਣਵੱਤਾ ਦੇ ਆਧਾਰ 'ਤੇ ਪੂਰਾ ਕਰਨ 'ਤੇ ਜ਼ੋਰ ਦਿੱਤਾ।
ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਇਸ ਵਿੱਤੀ ਸਾਲ ਜੋ ਕਿ 31 ਮਾਰਚ ਨੂੰ ਖ਼ਤਮ ਹੋ ਰਿਹਾ ਹੈ ਦੇ ਅੰਦਰ ਅੰਦਰ ਫੰਡਾਂ ਦੀ ਵਰਤੋ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਵੇਂ ਵਿੱਤੀ ਸਾਲ ਦੌਰਾਨ ਜੋ ਫੰਡਜ਼ ਸਰਕਾਰ ਕੋਲੋ ਲਏ ਜਾਣੇ ਹਨ, ਉਨ੍ਹਾਂ ਦੀ ਪ੍ਰਪੋਜ਼ਲ ਫਾਈਲ ਤੁਰੰਤ ਤਿਆਰ ਕਰਕੇ ਭੇਜੀ ਜਾਵੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਹਸਪਤਾਲ ਦੀ ਤਰਜ ਤੇ ਮੈਡੀਕਲ ਕਾਲਜ ਵਿਖੇ ਵੀ ਸੋਲਰ ਸਿਸਟਮ ਲਗਾਇਆ ਜਾਵੇਗਾ। ਉਨ੍ਹਾਂ ਕੋਵਿਡ-19 ਮਹਾਮਾਰੀ ਦਾ ਡੱਟ ਕੇ ਮੁਕਾਬਲਾ ਕਰਨ ਲਈ ਡਾਕਟਰਾਂ, ਪੈਰਾ ਮੈਡੀਕਲ ਸਟਾਫ ਨੂੰ ਵਧਾਈ ਦਿੱਤੀ ਤੇ ਧੰਨਵਾਦ ਕੀਤਾ। ਉਨ੍ਹਾਂ ਆਖਿਆ ਕਿ ਕਿ ਇੰਨ੍ਹਾਂ ਦੀ ਬਦੌਲਤ ਹੀ ਅਸੀਂ ਇਸ ਮਹਾਮਾਰੀ 'ਤੇ ਕਾਬੂ ਪਾ ਸਕੇ ਹਾਂ।ਉਨ੍ਹਾਂ ਮੋਹਾਲੀ,ਕਪੂਰਥਲਾ ਤੇ ਹੁਸ਼ਿਆਰਪੁਰ ਵਿਖੇ 3 ਹੋਰ ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣ ਬਾਰੇ ਦੱਸਿਆ ਤੇ ਮੋਹਾਲੀ ਵਿਖੇ ਮੇੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਬਾਰੇ ਦੱਸਿਆ। ਮੈਡੀਕਲ ਕਾਲਜ ਵਿਖੇ ਐਮਬੀਬੀਐਸ ਦੀਆਂ 150 ਸੀਟਾਂ ਵਧਣ ਕਾਰਨ ਨਵਾਂ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਬੁਨਿਆਦੀ ਢਾਂਚੇ ਵਿੱਚ 4 ਲੈਕਚਰ ਹਾਲ, 3 ਅਕਜਾਮੀਨੇਸ਼ਨ ਹਾਲ ਅਤੇ ਇੱਕ ਮੈਡੀਕਲ ਸਿਖਿਆ ਯੂਨਿਟ ਵੀ ਸਥਾਪਤ ਕੀਤਾ ਜਾ ਰਿਹਾ ਹੈ। ਇਸ 'ਤੇ 25.19 ਕਰੋੜ ਰੁਪਏ ਖਰਚ ਆਵੇਗਾ। ਇਸ ਤੋਂ ਇਲਾਵਾ ਮੈਡੀਕਲ ਕਾਲਜ ਵਿਖੇ 50 ਬੈਡਾਂ ਵਾਲਾ ਇੱਕ ਨਵਾਂ ਹੋਸਟਲ, 10.31 ਕਰੋੜ ਰੁਪਏ, 8 ਨਵੇਂ ਮੈਡੀਕਲ ਯੂਨਿਟ ਲਈ 17.48 ਕਰੋੜ ਰੁਪਏ ਤੇ ਆਪਰੇਸ਼ਨ ਥੀਏਟਰ ਲਈ ਨਵਾਂ ਏਸੀ ਪਲਾਂਟ ਜਿਸ 'ਤੇ 5.50 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੈਡੀਕਲ ਕਾਲਜ ਵਿਖੇ ਹੋਰ ਵੀ ਕਈ ਨਵੇਂ ਪ੍ਰਾਜੈਕਟ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੈਡੀਕਲ ਕਾਲਜਾਂ ਦੀ ਅਪਗ੍ਰੇਡਸ਼ਨ ਲਈ ਤਕਰੀਬਨ 60.35 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।