ਅੰਮ੍ਰਿਤਸਰ: ਘੱਲੂਘਾਰੇ (Operation Blue Star) ਦੇ ਸ਼ਹੀਦਾਂ ਦੀ ਸਾਲਾਨਾ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਮੌਕੇ ਸ਼ਹੀਦ ਹੋਏ ਸਿੰਘ, ਸਿੰਘਣੀਆਂ ਅਤੇ ਬੱਚੇ ਸਿੱਖ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਨੇ ਕੌਮੀ ਜਜ਼ਬੇ ਦੀ ਰੌਸ਼ਨੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੀ ਮਾਣ-ਮਰਿਆਦਾ ਨੂੰ ਬਹਾਲ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ ਹਨ। ਉਹਨਾਂ ਨੂੰ ਸਿੱਖ ਕੌਮ ਹਰ ਪਲ ਯਾਦ ਰੱਖੇਗੀ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖਾਂ ਲਈ ਭਗਤੀ ਅਤੇ ਸ਼ਕਤੀ ਦਾ ਸੋਮਾ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਜੂਨ ਚੌਰਾਸੀ ’ਚ ਸਮੇਂ ਦੀ ਕਾਂਗਰਸ ਹਕੂਮਤ ਨੇ ਸ੍ਰੀ ਦਰਬਾਰ ਸਾਹਿਬ ਸਮੇਤ 37 ਗੁਰਦੁਆਰਿਆਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਸਿੱਖ ਜਗਤ ਨੂੰ ਮਾਨਸਿਕ ਤੌਰ ’ਤੇ ਅਸਹਿ ਅਤੇ ਅਕਹਿ ਜ਼ਖ਼ਮ ਦਿੱਤੇ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਘੱਲੂਘਾਰਾ ਦਿਵਸ (Operation Blue Star) ਮੌਕੇ ਪੁੱਜੀਆਂ ਸੰਗਤਾਂ ਅਤੇ ਜਥੇਬੰਦੀਆਂ ਦੇ ਨੁਮਾਇਦਿਆਂ ਦਾ ਧੰਨਵਾਦ ਕੀਤਾ ਅਤੇ ਕੌਮ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਦੀ ਸੇਧ ਵਿਚ ਕੌਮੀ ਕਾਰਜਾਂ ਵਿਚ ਸਹਿਯੋਗੀ ਬਣਨ ਲਈ ਕਿਹਾ।
ਸ਼ਹੀਦਾਂ ਦੀ ਯਾਦ ਵਿੱਚ ਬਣਾਈ ਜਾਣ ਵਾਲੀ ਗੈਲਰੀ ਦਾ ਕੰਮ ਜਲਦ ਹੋਵੇਗਾ ਮੁਕੰਮਲ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 84 ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਈ ਜਾਣ ਵਾਲੀ ਗੈਲਰੀ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ ਅਤੇ ਘੱਲੂਘਾਰੇ (Operation Blue Star) ਦੀਆਂ ਨਿਸ਼ਾਨੀਆਂ ਨੂੰ ਸੰਗਤ ਸਨਮੁਖ ਕਰਨ ਲਈ ਵੀ ਵਿਉਂਤਬੰਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੋਲੀ ਲੱਗੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੇ ਦਰਸ਼ਨ ਸੰਗਤ ਦੀ ਮੰਗ ਅਨੁਸਾਰ ਸਮੇਂ-ਸਮੇਂ ਕਰਵਾਏ ਜਾਂਦੇ ਰਹਿਣਗੇ। ਇਸ ਸਵਾਲ ਦੇ ਜਵਾਬ ਵਿਚ ਬੀਬੀ ਜਗੀਰ ਕੌਰ ਨੇ ਆਖਿਆ ਕਿ 1984 ਦੇ ਫ਼ੌਜੀ ਹਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਛਾਪਿਆ ਗਿਆ ਵਾਈਟ ਪੇਪਰ ਮੁੜ ਪ੍ਰਕਾਸ਼ਤ ਕੀਤਾ ਜਾਵੇਗਾ, ਜਿਸ ਬਾਰੇ ਆਦੇਸ਼ ਦੇ ਦਿੱਤੇ ਗਏ ਹਨ।