ਅੰਮ੍ਰਿਤਸਰ : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਤਿਆਰੀਆਂ ਜਾਰੀ ਹਨ। ਇੱਕ ਪਾਸੇ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਉਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੇ ਜਨਮ ਅਸਥਾਨ ਦਾ ਮਾਡਲ ਤਿਆਰ ਕੀਤਾ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਬਤੌਰ ਪੇਪਰ ਆਰਟਿਸਟ ਕੰਮ ਕਰਦੇ ਹਨ। ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ ਸਥਾਨ ਗੁਰੂ ਕਾ ਮਹਿਲ ਪੇਪਰ ਦੀ ਮਦਦ ਨਾਲ ਤਿਆਰ ਕੀਤਾ ਗਿਆ ਹੈ।
ਇਸ ਮਾਡਲ ਨੂੰ ਬਣਾਉਣ ਲਈ ਉਨ੍ਹਾਂ ਕਰੀਬ 1 ਮਹੀਨੇ 15 ਦਿਨ ਦਾ ਸਮਾਂ ਲੱਗਾ ਹੈ। ਇਸ ਮਾਡਲ ਨੂੰ ਬਣਾਉਣ ਲਈ ਗੁਰਪ੍ਰੀਤ ਨੇ ਇਟੈਲੀਅਨ ਪੇਪਰ ਦਾ ਇਸਤੇਮਾਲ ਕੀਤਾ ਹੈ ਜੋ ਕਿ ਕਾਫੀ ਲੰਬੇ ਸਮੇਂ ਤੱਕ ਠੀਕ ਰਹਿੰਦਾ ਹੈ।
ਗੁਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵੱਡੀ ਪ੍ਰਦਰਸ਼ਨੀ ਲਗਾਉਣ ਦੀ ਅਪੀਲ ਕੀਤੀ ਹੈ। ਇਸ ਪ੍ਰਦਰਸ਼ਨੀ ਵਿੱਚ ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਤ ਥਾਵਾਂ ਤੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਦ੍ਰਿਸ਼ ਵਿਖਾਏ ਜਾਣ ਤਾਂ ਜੋ ਲੋਕ ਗੁਰੂ ਸਹਿਬਾਨ ਦੇ ਜੀਵਨ ਤੋਂ ਪ੍ਰੇਰਣਾ ਲੈ ਸਕਣ।