ਅੰਮ੍ਰਿਤਸਰ: ਪਟਿਆਲਾ ਹਿੰਸਾ ਮਾਮਲੇ ਵਿੱਚ ਕੁਝ ਸਿੱਖ ਜਥੇਬੰਦੀਆਂ ਦੇ ਆਗੂ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚੇ। ਉਨ੍ਹਾਂ ਨੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਅਤੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਿੱਚ ਖ਼ੁਦ ਦਖ਼ਲ ਅੰਦਾਜ਼ੀ ਦੇਣੀ ਚਾਹੀਦੀ ਹੈ ਕਿਉਂਕਿ ਉਸ ਵਿੱਚ ਸਿੱਖ ਨੌਜਵਾਨਾਂ ਨੂੰ ਨਾਜਾਇਜ਼ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਪਟਿਆਲਾ ਹਿੰਸਾ ਮਾਮਲੇ ਵਿੱਚ ਪੁਲਿਸ ਵੱਲੋਂ ਬਹੁਤ ਗਿਣਤੀ ਦੇ ਵਿੱਚ ਸਿੱਖ ਨੌਜਵਾਨਾਂ ਦੇ ਉੱਤੇ ਮਾਮਲੇ ਦਰਜ ਕੀਤੇ ਗਏ ਹਨ। ਇਸ 'ਤੇ ਬੋਲਦੇ ਹੋਏ ਰਣਜੀਤ ਸਿੰਘ ਦਮਦਮੀ ਟਕਸਾਲ ਆਗੂ ਨੇ ਕਿਹਾ ਇਕ ਵਾਇਰਲ ਵੀਡੀਓ ਸੋਸ਼ਲ ਮੀਡੀਆ ਤੇ ਘੁੰਮ ਰਹੀ ਹੈ ਜਿਸ ਵਿੱਚ ਇੱਕ ਸ਼ਿਵ ਸੈਨਾ ਦਾ ਆਗੂ ਸਿੱਖ ਨੌਜਵਾਨ ਤੇ ਤਲਵਾਰ ਨਾਲ ਹਮਲਾ ਕਰ ਰਿਹਾ ਹੈ ਅਤੇ ਨੌਜਵਾਨ ਆਪਣੇ ਬਚਾਅ ਲਈ ਡੰਡੇ ਦਾ ਇਸਤੇਮਾਲ ਕਰਦਾ ਹੈ। ਪੁਲਿਸ ਵੱਲੋਂ ਸਿੱਖ ਨੌਜਵਾਨ ਦੇ ਉੱਤੇ ਧਾਰਾ 307 ਦਾ ਮਾਮਲਾ ਦਰਜ ਕਰ ਦਿੱਤਾ ਜਾਂਦਾ ਹੈ ਜਦਕਿ ਤਲਵਾਰ ਨਾਲ ਵਾਰ ਕਰਨ ਵਾਲੇ ਸ਼ਿਵ ਸੈਨਾ ਦੇ ਆਗੂ ਤੇ ਵੱਡੀਆਂ ਧਾਰਾਵਾਂ ਨਹੀਂ ਲਗਾਈਆਂ ਜਾਣਗੀਆਂ ਇਸ ਤੋਂ ਪਤਾ ਲੱਗਦਾ ਹੈ ਕਿ ਪੁਲਿਸ ਪ੍ਰਸ਼ਾਸਨ ਵੀ ਸਿੱਖ ਨੌਜਵਾਨਾਂ ਨੂੰ ਦੱਬਣ ਦੀ ਕੋਸ਼ਿਸ਼ ਕਰ ਰਿਹਾ ਹੈ।
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਟਿਆਲਾ ਹਿੰਸਾ ਘਟਨਾ ਮਾਮਲੇ ਵਿੱਚ ਬਲਜਿੰਦਰ ਸਿੰਘ ਪਰਵਾਨਾ ਵੱਲੋਂ ਕੁਝ ਦਿਨ ਪਹਿਲਾਂ ਹੀ ਪੁਲਿਸ ਪ੍ਰਸ਼ਾਸਨ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਸੀ। ਇਸ ਮੰਗ ਪੱਤਰ 'ਚ ਹਿੰਦੂ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਪ੍ਰੋਗਰਾਮ ਨੂੰ ਰੋਕਣ ਦੀ ਅਪੀਲ ਵੀ ਕੀਤੀ ਗਈ ਸੀ, ਪਰ ਪੁਲਿਸ ਪ੍ਰਸ਼ਾਸਨ ਨੇ ਇਸ ਪ੍ਰੋਗਰਾਮ ਨੂੰ ਨਹੀਂ ਰੋਕਿਆ। ਉਨ੍ਹਾਂ ਦਾ ਕਹਿਣਾ ਹੈ ਕਿ ਬਰਜਿੰਦਰ ਸਿੰਘ ਪਰਵਾਨਾ ਸ਼ਾਂਤਮਈ ਤਰੀਕੇ ਨਾਲ ਗੁਰਦੁਆਰਾ ਸਾਹਿਬ ਦੇ ਅੰਦਰ ਬੈਠੇ ਹੋਏ ਸਨ, ਪਰ ਹਿੰਦੂ ਜਥੇਬੰਦੀਆਂ ਵੱਲੋਂ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਉਣ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਇਸ ਦੇ ਕਾਰਨ ਹੀ ਪੁਲਿਸ ਨੂੰ ਉਸ ਮਾਹੌਲ ਨੂੰ ਰੋਕਣ ਵਾਸਤੇ ਗੋਲੀਬਾਰੀ ਵੀ ਕਰਨੀ ਪਈ।
ਇਹ ਵੀ ਪੜ੍ਹੋ: ਅਗਰਬੱਤੀ ਕੰਪਨੀ ਵੱਲੋਂ ਜਪੁਜੀ ਸਾਹਿਬ ਦੀ ਹਿੰਦੀ ਵਿੱਚ ਛਪਾਈ, ਐਸਜੀਪੀਸੀ ਨੇ ਲਿਆ ਸਖ਼ਤ ਨੋਟਿਸ