ਅੰਮਿ੍ਰਤਸਰ: ਕੇਂਦਰ ਸਰਕਾਰ ਵੱਲੋਂ 3 ਖੇਤੀ ਬਿੱਲ ਲਿਆਂਦੇ ਗਏ ਹਨ, ਜੋ ਦੇਸ਼ ਦੇ ਰਾਸ਼ਟਰਪਤੀ ਦੇ ਦਸਤਖਤਾਂ ਤੋਂ ਬਾਅਦ ਕਾਨੂੰਨ ਬਣ ਚੁੱਕੇ ਹਨ। ਇਨ੍ਹਾਂ ਬਿੱਲਾਂ ਦੇ ਖ਼ਿਲਾਫ਼ ਪੰਜਾਬ, ਹਰਿਆਣਾ ਸਮੇਤ ਦੇਸ਼ ਕਈ ਰਾਜਾਂ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਬਿੱਲਾਂ ਵਿਰੁੱਧ ਪੰਜਾਬ ਵਿੱਚ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਲੋਕਾਂ ਨੇ ਵੱਡੇ ਪੱਧਰ 'ਤੇ ਸਮਰਥਨ ਕੀਤਾ ਹੈ। ਇਸ ਮਾਮਲੇ ਵਿੱਚ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨਾਲ ਈਟੀਵੀ ਭਾਰਤ ਵੱਲੋਂ ਗੱਲਬਾਤ ਕੀਤੀ ਗਈ।
ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਕਿ ਕਿਸਾਨਾਂ ਸਮੇਤ ਸਾਰੇ ਲੋਕ ਸੜਕਾਂ 'ਤੇ ਆ ਗਏ ਹਨ ਅਤੇ ਇਸ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਬਿੱਲ ਵਿੱਚ ਬਦਲਾਅ ਜਾਂ ਬਿੱਲ ਨੂੰ ਰੱਦ ਵੀ ਕਰ ਸਕਦੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਵਿੱਚ ਤਬਦੀਲੀ ਲਈ ਕਈ ਰਾਹ ਖੁੱਲ੍ਹੇ ਹਨ।
ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਵਜ਼ਾਰਤ ਵਿੱਚੋਂ ਦਿੱਤੇ ਅਸਤੀਫੇ ਬਾਰੇ ਬੋਲਦੇ ਹੋਏ ਦੂਲੋਂ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੂੰ ਪਹਿਲਾਂ ਹੀ ਕੈਬਿਨੇਟ ਵਿੱਚ ਵਿਰੋਧ ਕਰਨਾ ਚਾਹੀਦਾ ਸੀ, "ਚਲੋ ਦੇਰ ਆਏ, ਦਰੁਸਤ ਆਏ", ਹੁਣ ਵੀ ਸਪੱਸ਼ਟ ਸਟੈਂਡ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੋਹ ਅੱਗੇ ਝੁੱਕ ਕੇ ਹੀ, ਅਕਾਲੀ ਦਲ ਨੂੰ ਮਜ਼ਬੂਰ ਹੋਣਾ ਪਿਆ ਕਿ ਉਹ ਕਿਸਾਨਾਂ ਨਾਲ ਖੜ੍ਹਨ, ਇਸ ਲਈ ਉਨ੍ਹਾਂ ਨੂੰ ਮੰਤਰੀ ਦੀ ਕੁਰਸੀ ਛੱਡਣੀ ਪਈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਾਪਤਾ 324 ਸਰੂਪਾਂ ਦੇ ਮਾਮਲੇ 'ਤੇ ਬੋਲਦੇ ਹੋਏ ਦੂਲੋਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਜਦੋਂ ਜਾਂਚ ਹੋ ਗਈ ਤਾਂ ਹੁਣ ਜਥੇਦਾਰ ਚਾਹੀਦਾ ਹੈ ਕਿ ਉਹ ਕਾਰਵਾਈ ਕਰਨ।