ਅੰਮ੍ਰਿਤਸਰ : 6 ਜੂਨ ਨੂੰ ਸਾਕਾ ਨੀਲਾ ਧਾਰਾ ਦੀ 35 ਵੀਂ ਬਰਸੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕਮਲ ਕਰ ਲਏ ਗਏ ਹਨ।
ਸਾਕਾ ਨੀਲਾ ਧਾਰਾ ਦੀ ਬਰਸੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਨੂੰ ਲੈ ਕੇ ਐਸਜੀਪੀਸੀ ਦੀ ਟਾਸਕ ਫੋਰਸ ਸਮੇਤ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਐਸਜੀਪੀਸੀ ਦੀ ਟਾਸਕ ਫੋਰਸ ਅਤੇ ਬਾਹਰ ਪੰਜਾਬ ਪੁਲਿਸ ਦੇ ਜਵਾਨ ਅਤੇ ਪੰਜਾਬ ਪੁਲਿਸ ਦੀ ਘੁੜ ਸਵਾਰ ਟੁੱਕੜੀਆਂ ਵੱਲੋਂ ਕੀਤੀ ਜਾਵੇਗੀ। ਇਸ ਲਈ ਭਾਰੀ ਗਿਣਤੀ ਵਿੱਚ ਜਵਾਨਾਂ ਨੂੰ ਸ਼ਹਿਰ ਵਿੱਚ ਤਾਇਨਾਤ ਕੀਤਾ ਗਿਆ ਹੈ।
ਇਸ ਮੌਕੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਐਸ.ਐਸ. ਸ਼੍ਰੀ ਵਾਸਤਵ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਣ ਪੁੱਜੇ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਮੁਕਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਟਾਸਕ ਫੋਰਸ ਅਤੇ ਪੰਜਾਬ ਪੁਲਿਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਸੀਸੀਟੀਵੀ ਕੈਮਰੇ ਰਾਹੀਂ ਹਰ ਹਰਕਤ ਉੱਤੇ ਨਜ਼ਰ ਰੱਖੀ ਜਾ ਸਕੇਗੀ। ਇਸ ਤੋਂ ਇਲਾਵਾ ਖ਼ਾਲਸਾ ਦਲ ਵੱਲੋਂ ਬਰਸੀ ਮੌਕੇ ਅੰਮ੍ਰਿਤਸਰ ਬੰਦ ਕੀਤੇ ਜਾਣ ਦੇ ਸੱਦੇ ਕਾਰਨ ਸ਼ਹਿਰ ਨੂੰ ਛਾਊਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ।