ਅੰਮ੍ਰਿਤਸਰ: ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਵਿਰੁੱਧ ਲੜਾਈ ਲਈ ਉਹ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਪਹੁੰਚੇ ਹਨ।
ਬਾਜਵਾ ਨੇ ਕਿਹਾ ਕਿ ਖੇਤੀ ਬਿੱਲਾਂ 'ਤੇ ਰਾਸ਼ਟਰਪਤੀ ਦਸਤਖ਼ਤ ਨਹੀਂ ਕੀਤੇ ਸਗੋਂ ਦੇਸ਼ ਦੇ ਕਿਸਾਨਾਂ ਦੇ ਮੌਤ ਦੇ ਵਰੰਟਾਂ 'ਤੇ ਦਸਤਖ਼ਤ ਕੀਤੇ ਹਨ। ਉਨ੍ਹਾਂ ਕਿਹਾ ਪੰਜਾਬ, ਹਰਿਆਣਾ ਅਤੇ ਦੇਸ਼ ਦੇ ਬਾਕੀ ਕਿਸਾਨਾਂ ਦੇ ਵਿਰੋਧ ਦੇ ਵਿਚਕਾਰ ਰਾਸ਼ਟਰਪਤੀ ਨੇ ਦਸਤਖ਼ਤ ਕੀਤੇ ਹਨ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਸੀ ਕਿ ਰਾਸ਼ਟਰਪਤੀ ਬਿੱਲਾਂ ਨੂੰ ਕਾਨੂੰਨ ਦਾ ਰੂਪ ਨਹੀਂ ਲੈਣ ਦੇਣਗੇ ਪਰ ਰਾਸ਼ਟਰਪਤੀ ਵੱਲੋਂ ਇਨ੍ਹਾਂ ਬਿੱਲਾਂ 'ਤੇ ਦਸਤਖ਼ਤ ਕਰਨਾ ਦੇਸ਼ ਦੇ ਕਿਸਾਨਾਂ ਨਾਲ ਵੱਡਾ ਧੋਖਾ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਕਿਸਾਨਾਂ, ਲੋਕ ਸਭਾ ਮੈਂਬਰਾਂ ਅਤੇ ਵਿਧਾਨ ਸਭਾ ਦੇ ਮੈਂਬਰਾਂ ਨਾਲ ਗੱਲ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਖ਼ਾਸ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਹਮੇਸ਼ਾ ਹੀ ਸੰਘਰਸ਼ ਕਰਕੇ ਹੀ ਆਪਣੀਆਂ ਮੰਗਾਂ ਮਨਵਾਉਣੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ 113ਵੇਂ ਜਨਮ ਦਿਨ ਮੌਕੇ ਵੀ ਇਹੀ ਸੰਦੇਸ਼ ਹੈ ਕਿ ਸੰਘਰਸ਼ ਤੋਂ ਬਿਨ੍ਹਾਂ ਪੰਜਾਬ ਦਾ ਕੋਈ ਮਸਲਾ ਹੱਲ ਨਹੀਂ ਹੋਵੇਗਾ।