ਅੰਮ੍ਰਿਤਸਰ: ਪਿਛਲੇ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਪੰਜਾਬ ਭਰ ਦੇ ਸਫ਼ਾਈ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਮਸਲੇ ਉੱਤੇ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਝੂਠ ਬੋਲਣ ਵਾਲੇ ਰਾਜ ਕੁਮਾਰ ਵੇਰਕਾ ਦੇ ਘਰ ਦਾ ਆਮ ਆਦਮੀ ਪਾਰਟੀ ਵਲੋਂ ਘਿਰਾਓ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹੋਰ ਸਾਰੇ ਵਰਗਾਂ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਪਲ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਵਾਲੇ ਸਫ਼ਾਈ ਕਰਮਚਾਰੀਆਂ ਨਾਲ ਵੀ ਝੂਠ ਬੋਲ ਕੇ ਉਨ੍ਹਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੀ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਰਾਜ ਕੁਮਾਰ ਵੇਰਕਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਸੀ, ਜੋ ਕਿ ਝੂਠ ਦਾ ਪੁਲੰਦਾ ਸਾਬਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਾ ਤਾਂ ਇਨ੍ਹਾਂ ਸਫ਼ਾਈ ਕਾਮਿਆਂ ਨੂੰ ਪੱਕਾ ਕਰਨ ਲਈ ਕੋਈ ਪਾਲਿਸੀ ਲਿਆਉਂਦੀ ਹੈ ਅਤੇ ਨਾ ਹੀ ਪੰਜਾਬ ਦੀ ਕੈਬਨਿਟ ਵਿੱਚ ਇਸ ਨੂੰ ਵਿਚਾਰਿਆ ਗਿਆ ਹੈ। ਅਜਿਹੇ ਹਾਲਾਤਾਂ ਵਿੱਚ ਰਾਜ ਕੁਮਾਰ ਵੇਰਕਾ ਸਿਰਫ਼ ਵੋਟਾਂ ਦੀ ਰਾਜਨੀਤੀ ਕਰਦੇ ਹੋਏ ਸੂਬੇ ਭਰ ਦੇ ਸਫ਼ਾਈ ਮੁਲਾਜ਼ਮਾਂ ਨੂੰ ਪਾਗਲ ਬਣਾਉਣ ਦੇ ਯਤਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸਫ਼ਾਈ ਮੁਲਾਜ਼ਮਾਂ ਨੂੰ ਝੂਠ ਬੋਲ ਕੇ ਉਨ੍ਹਾਂ ਦਾ ਮਜ਼ਾਕ ਉਡਾਉਣ ਲਈ ਵੇਰਕਾ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵੱਖ-ਵੱਖ ਵਰਗਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸੀ, ਪ੍ਰੰਤੂ ਕੋਈ ਵੀ ਵਾਅਦਾ ਹੁਣ ਤੱਕ ਪੂਰਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਝੂਠੇ ਵਾਅਦਿਆਂ ਦਾ ਪਰਦਾਫਾਸ਼ ਕਰੇਗੀ।
ਇਹ ਵੀ ਪੜ੍ਹੋ:ਡੇਢ ਸਾਲ ਦੀ ਬੱਚੀ ਦਾ ਨਾਮ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਹੋਇਆ ਦਰਜ