ਅੰਮ੍ਰਿਤਸਰ: ਸਿੱਖਾਂ ਦੇ ਚੌਥੇ ਗੁਰੂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤ ਵੱਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤ ਨੇ ਬੜੀ ਹੀ ਸ਼ਰਧਾ ਭਾਵਨਾ ਨਾਲ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ।ਇਸ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਵੀ ਕੀਤਾ ਗਿਆ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਵੀ ਉੱਦਮ ਕਰਦੇ ਹੋਏ ਆਪਣੇ ਪਰਿਵਾਰਾਂ ਸਮੇਤ ਗੁਰਪੁਰਬ ਦੇ ਸਾਰੇ ਸਮਾਗਮਾਂ ਵਿੱਚ ਹਾਜ਼ਰੀ ਭਰ ਕੇ ਆਪਣੇ ਜੀਵਨ ਨੂੰ ਸਫ਼ਲਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਗੁਰੂ ਰਾਮਦਾਸ ਸਾਹਿਬ ਜੀ ਤੋਂ ਸੇਵਾ, ਸਿਮਰਨ,ਸਿੱਖੀ ਅਤੇ ਭਰੋਸੇ ਦੀ ਦਾਤ ਮੰਗਣੀ ਚਾਹੀਦੀ ਹੈ।
ਗੁਰਪੁਰਬ ਦੇ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਨਿਗਰਾਨ ਸਤਨਾਮ ਸਿੰਘ ਨੇ ਕਿਹਾ ਕਿ ਦਰਬਾਰ ਸਾਹਿਬ ਦੇ ਚਾਰੇ ਪਾਸੇ ਧੁਆਈ ਅਤੇ ਸਫ਼ਾਈ ਦਾ ਕੰਮ ਚੱਲ ਰਿਹਾ ਹੈ ਕਿਉਂਕਿ ਦੇਸ਼/ ਵਿਦੇਸ਼ ਤੋਂ ਸੰਗਤਾਂ ਹੁੰਮ ਹੁਮਾ ਕੇ ਸਮਾਗਮ ਵਿੱਚ ਪਹੁੰਚਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸੰਗਤਾਂ ਨੂੰ ਇਸ ਮੌਕੇ ਵੱਧ ਤੋਂ ਵੱਧ ਪਾਠ, ਸੇਵਾ, ਸਿਮਰਨ ਕਰਕੇ ਆਪਣਾ ਜਨਮ ਸੁਧਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ੇ ਸਾਰੇ ਧਰਮਾਂ, ਜਾਤਾਂ, ਨਸਲਾਂ ਲਈ ਖੁੱਲੇ ਹਨ ਤੇ ਕਿਸੇ ਨਾਲ ਵੀ ਭੇਦਭਾਵ ਨਹੀਂ ਕੀਤਾ ਜਾਂਦਾ।