ਅੰਮ੍ਰਿਤਸਰ: ਦੁਨੀਆ ਭਰ 'ਚ ਰੱਬ ਦੇ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਵੰਡੇ ਜਾ ਰਹੇ ਸੁੱਕੇ ਰਾਸ਼ਨ ਦੀ ਲੜੀ ਤਹਿਤ ਸੋਮਵਾਰ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਅੰਮ੍ਰਿਤਸਰ ਵਿਖੇ ਏਵੀਏਸ਼ਨ ਕਲੱਬ ਨਾਲ ਸਬੰਧਿਤ 90 ਜ਼ਰੂਰਤਮੰਦ ਮੁਲਾਜ਼ਮਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ ਡਾ. ਐੱਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਲੜੀ ਨੂੰ ਅੱਗੇ ਤੋਰਦਿਆਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਦੇ ਏਵੀਏਸ਼ਨ ਕਲੱਬ ਅਤੇ ਇੰਡੋ-ਥਾਈ ਏਅਰ ਲਾਈਨ ਦੇ 90 ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ-ਇੱਕ ਮਹੀਨੇ ਦੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਦਿੱਤੀਆਂ ਗਈਆਂ ਹਨ ਜਦ ਕਿ ਏਅਰਪੋਰਟ ਦੇ 100 ਦੇ ਕਰੀਬ ਹੋਰ ਲੋੜਵੰਦ ਮੁਲਾਜ਼ਮਾਂ ਨੂੰ ਵੀ ਜਲਦ ਹੀ ਰਾਸ਼ਨ ਦਿੱਤਾ ਜਾਵੇਗਾ।
ਟਰੱਸਟ ਦੇ ਅਹੁਦੇਦਾਰਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਹਰ ਮਹੀਨੇ 60 ਹਜ਼ਾਰ ਤੋਂ ਵਧੇਰੇ ਲੋੜਵੰਦ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਰਾਸ਼ਨ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਦੋ ਹਜ਼ਾਰ ਪਰਿਵਾਰਾਂ ਨੂੰ ਰਾਸ਼ਨ ਮਹੱਈਆ ਕਰਵਾਇਆ ਜਾ ਰਿਹਾ ਹੈ।