ਅੰਮ੍ਰਿਤਸਰ: ਤਾਲਿਬਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਫਗਾਨਿਸਤਾਨ ਤੋਂ ਬਾਹਰ ਭੇਜਣ 'ਤੇ ਪਾਬੰਦੀ ਲਗਾਉਣ (Taliban restricts ferrying of Sikh scriptures) ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰਾਲੇ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਅਫ਼ਗਾਨੀਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲਿਆਨ ਲਈ ਰਾਬਤਾ ਕਾਇਮ ਕੀਤਾ ਜਾਵੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਪ੍ਰਤਾਪ ਸਿੰਘ (SGPC Pratap Singh) ਨੇ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਫਗਾਨਿਸਤਾਨ ਤੋਂ ਬਾਹਰ ਲਿਜਾਣ ’ਤੇ ਪਾਬੰਦੀ ਲਗਾਉਣ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ 60 ਅਫਗਾਨੀ ਸਿੱਖਾਂ ਦੇ ਜਥੇ ਨੇ ਭਾਰਤ ਆਉਣਾ ਸੀ, ਪਰ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਲਿਆਉਣ ਤੋਂ ਰੋਕਣ ਕਾਰਨ ਉਹ ਭਾਰਤ ਨਹੀਂ ਆ ਸਕੇ। ਸ਼੍ਰੋਮਣੀ ਕਮੇਟੀ ਦੇ ਆਗੂ ਨੇ ਕਿਹਾ ਕਿ ਇਹ ਅਫਗਾਨ ਸ਼ਾਸਨ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਹੈ।
ਐਡੀਸ਼ਨਲ ਸਕੱਤਰ ਨੇ ਕਿਹਾ ਕਿ ਇੱਕ ਪਾਸੇ ਅਫਗਾਨਿਸਤਾਨ ਅੰਦਰ ਸਿੱਖਾਂ ਅਤੇ ਪਾਵਨ ਗੁਰਦੁਆਰਾ ਸਾਹਿਬਾਨ ’ਤੇ ਹਮਲੇ ਕੀਤੇ ਜਾ ਰਹੇ ਹਨ, ਜਦਕਿ ਦੂਸਰੇ ਪਾਸੇ ਉਨ੍ਹਾਂ ਨੂੰ ਭਾਰਤ ਆਉਣ ਸਮੇਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਲਿਆਉਣ ਤੋਂ ਰੋਕਿਆ ਜਾ ਰਿਹਾ ਹੈ। ਅਫਗਾਨਿਸਤਾਨ ਵਿਚ ਸਿੱਖ ਸੁਰੱਖਿਅਤ ਨਾ ਹੋਣ ਕਰਕੇ ਦੇਸ਼ ਛੱਡ ਰਹੇ ਹਨ ਅਤੇ ਜਦੋਂ ਸਿੱਖ ਹੀ ਦੇਸ਼ ਅੰਦਰ ਨਾ ਰਹੇ ਤਾਂ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਕੌਣ ਕਰੇਗਾ? ਇਸੇ ਕਰਕੇ ਹੀ ਸਿੱਖ ਆਪਣੇ ਨਾਲ ਭਾਰਤ ਆਉਣ ਸਮੇਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਲਿਆ ਰਹੇ ਹਨ। ਉਨ੍ਹਾਂ ਆਖਿਆ ਕਿ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਸਿੱਖਾਂ ਦੀ ਭਾਵਨਾਵਾਂ ਵਿਰੁੱਧ ਫੈਸਲੇ ਨਹੀਂ ਕਰਨੇ ਚਾਹੀਦੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਵੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਵਿਰੁੱਧ ਅਫਗਾਨਿਸਤਾਨ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਰੋਕਣ।
ਇਹ ਵੀ ਪੜ੍ਹੋ: ਖੇਡ ਮੰਤਰੀ ਮੀਤ ਹੇਅਰ ਦੀ ਅਰਸ਼ਦੀਪ ਸਿੰਘ ਨਾਲ ਮੁਲਾਕਾਤ, ਵਿਸ਼ਵ ਕੱਪ ਲਈ ਦਿੱਤਾ ਇਹ ਸੰਦੇਸ਼