ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿੱਚ 13 ਅਗਸਤ ਯਾਨੀ ਅੱਜ ਸਵੇਰੇ 10 ਵਜੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਜਾਣਗੇ ਅਤੇ ਜ਼ਿਲ੍ਹਿਆਂ ਚ ਮਾਰਚ ਵੀ ਕੱਢੇ ਜਾਣਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮੁਲਾਜ਼ਮ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕਰਨਗੇ।
ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਧਾਮੀ ਦੀ ਅਗਵਾਈ ਵਿਚ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੇਸ਼ ਦੀ ਅਜ਼ਾਦੀ ਵਿਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ, ਪਰ ਦੁੱਖ ਦੀ ਗੱਲ ਹੈ ਕਿ 75 ਸਾਲਾਂ ਤੋਂ ਸਿੱਖਾਂ ਨੂੰ ਬੇਗਾਨਿਆਂ ਵਾਲਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਇਸ ਦੀ ਇਕ ਮਿਸਾਲ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜ਼ੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਉਮਰ ਕੈਦ ਤੋਂ ਵੱਧ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਾ ਕਰਨਾ ਹੈ।
ਉਨ੍ਹਾਂ ਆਖਿਆ ਕਿ ਦੇਸ਼ ਦਾ ਸੰਵਿਧਾਨ ਇਥੇ ਵੱਸਣ ਵਾਲੇ ਹਰ ਇਕ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ, ਪਰ ਸਿੱਖਾਂ ਪ੍ਰਤੀ ਸਰਕਾਰਾਂ ਦਾ ਰਵੱਈਆ ਨਕਾਰਾਤਮਕ ਰਿਹਾ ਹੈ। ਇਸੇ ਸਿੱਖ ਵਿਰੋਧੀ ਰਵੱਈਏ ਕਾਰਨ ਹੀ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਆਪਣੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਜਦਕਿ ਦੂਸਰੇ ਪਾਸੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸਿੱਖਾਂ ਨੂੰ ਆਪਣੇ ਬੁਨਿਆਦੀ ਹੱਕਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ।
ਇੱਥੇ ਜ਼ਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਪੂਰੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ 13, 14 ਅਤੇ 15 ਤਰੀਕ ਨੂੰ ਆਪਣੇ ਘਰਾਂ ਦੇ ਉਤੇ ਤਿਰੰਗੇ ਝੰਡੇ ਲਹਿਰਾਏ ਜਾਣ ਅਤੇ ਆਪਣੇ ਮੋਬਾਇਲ ਫੋਨ ਦੀਆਂ ਡੀਪੀਆਂ ਦੇ ਉੱਤੇ ਵੀ ਤਿਰੰਗੇ ਝੰਡੇ ਲਗਾਏ ਜਾਣ ਉਥੇ ਹੀ ਇਸ ਬਿਆਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਸੀ ਜਿਸ ਵਿਚ ਮਨੁੱਖੀ ਜੀਵਨ ਨੂੰ ਸਮਰਪਿਤ ਹਰ ਇਕ ਵਰਗ ਦੇ ਵਿਅਕਤੀ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਆਪਣੇ ਆਪਣੇ ਧਰਮ ਸਥਾਨਾਂ ਵਿਚ ਜਾ ਕੇ 1947 ਵਿਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ।
ਉੱਥੇ ਹੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਕਿ ਜਿਸ ਵਿੱਚ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ 75ਵੀਂ ਵਰ੍ਹੇਗੰਢ ਦੇ ਮੌਕੇ ਤੇ ਦੇਸ਼ ਦੇ ਪ੍ਰਧਾਨਮੰਤਰੀ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ ਉੱਥੇ ਹੀ ਹੁਣ ਵੇਖਣਾ ਹੋਵੇਗਾ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਇਸ ਉੱਤੇ ਕੀ ਐਕਸ਼ਨ ਲੈਂਦੇ ਹਨ।
ਇਹ ਵੀ ਪੜੋ: ਲੰਪੀ ਸਕਿਨ ਬੀਮਾਰੀ ਨਾਲ ਮਰੀਆਂ ਗਾਵਾਂ ਘਰਾਂ ਨੇ ਨੇੜੇ ਸੁੱਟੀਆਂ, ਲੋਕਾਂ ਵਿੱਚ ਦਹਿਸ਼ਤ