ਅੰਮ੍ਰਿਤਸਰ: ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸਾਲ 2016 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਗਏ ਸਨ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਅੰਤ੍ਰਿਗ ਕਮੇਟੀ ਨੂੰ ਧਾਰਮਿਕ ਸਜ਼ਾ ਲਾਉਂਦਿਆਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਕਰਵਾਏ ਜਾਣ ਤੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਲੈ ਕੇ ਦਰਬਾਰ ਸਾਹਿਬ ਅੰਮ੍ਰਿਤਸਰ ਤੱਕ ਝਾੜੂ ਦੀ ਸੇਵਾ ਕੀਤੀ ਜਾਵੇ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਦੂਜੇ ਅੰਤ੍ਰਿਗ ਕਮੇਟੀ ਮੈਂਬਰਾਂ ਨੇ ਝਾੜੂ ਦੀ ਸੇਵਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰੂਪਾਂ ਦੇ ਅਗਨ ਭੇਟ ਦੀ ਘਟਨਾ ਵਾਪਰੀ, ਜੋਕਿ ਸਿੱਖ ਕੌਮ ਲਈ ਦੁਖਦਾਈ ਗੱਲ ਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਨਮੋਸ਼ੀ ਝੱਲਣੀ ਪਈ।
ਉਨ੍ਹਾਂ ਕਿਹਾ ਕਿ ਭਾਵੇਂ ਕਿ ਸਾਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਨਹੀਂ ਬੁਲਾਇਆ ਗਿਆ ਪਰ ਅਸੀਂ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਜਥੇਦਾਰ ਹਰਪ੍ਰੀਤ ਸਿੰਘ ਕੋਲ ਪੇਸ਼ ਹੋਏ, ਜਿੱਥੇ ਉਨ੍ਹਾਂ ਨੇ ਸਾਨੂੰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਅਤੇ ਝਾੜੂ ਦੀ ਸੇਵਾ ਕਰਨ ਦੀ ਧਾਰਮਿਕ ਸਜ਼ਾ ਲਾਈ। ਇਸ ਲਈ ਉਹ ਝਾੜੂ ਦੀ ਸੇਵਾ 3 ਦਿਨ ਕਰਨਗੇ। ਉਨ੍ਹਾਂ ਕਿਹਾ ਕਿ 267 ਸਰੂਪਾਂ ਦੇ ਮਾਮਲੇ ਵਿੱਚ ਕੀਤੀ ਗਈ ਜਾਂਚ ਦੀ ਰਿਪੋਰਟ ਜਨਤਕ ਕਰ ਦਿੱਤੀ ਗਈ ਹੈ।
ਇਸ ਮੌਕੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੀ ਮੌਤ 'ਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।
ਸਰੂਪਾਂ ਦੇ ਮਾਮਲੇ ਵਿੱਚ ਦੋਸ਼ੀਆਂ ਦੇ ਖਿਲਾਫ ਕਾਰਵਾਈ ਦੇ ਸਵਾਲ ਦੇ ਜਵਾਬ ਵਿੱਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।