ਅੰਮ੍ਰਿਤਸਰ: ਪਿਛਲੇ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹੋਇਆ ਵਿਆਹ ਕਾਫੀ ਚਰਚਾ ਵਿਚ ਹੈ ਅਤੇ ਹੁਣ ਭਗਵੰਤ ਸਿੰਘ ਮਾਨ ਦੇ ਵਿਆਹ ਨੂੰ ਲੈ ਕੇ ਵਿਵਾਦ ਉਠਣਾ ਵੀ ਸ਼ੁਰੂ ਹੋ ਗਿਆ ਹੈ ਜਿਸ ਦੇ ਚਲਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚਿਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਭਗਵੰਤ ਸਿੰਘ ਮਾਨ ਦੇ ਖਿਲਾਫ ਇਕ ਮੰਗ ਪੱਤਰ ਵੀ ਦਿੱਤਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਦਿਨੀਂ ਭਗਵੰਤ ਸਿੰਘ ਮਾਨ ਦੇ ਵਿਆਹ ਦੌਰਾਨ ਭਗਵੰਤ ਸਿੰਘ ਮਾਨ ਦੇ ਚੰਡੀਗੜ੍ਹ ਰਿਹਾਇਸ਼ ਦੇ ਬਾਹਰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਗੱਡੀ ਨੂੰ ਤਲਾਸ਼ੀ ਲਈ ਰੋਕਿਆ ਜਾਂਦਾ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਤਬੇ ਅਤੇ ਸਤਿਕਾਰ ਦੀ ਤੌਹੀਨ ਹੈ ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਜੋ ਸਪੱਸ਼ਟ ਕਰਦਾ ਹੈ ਕਿ ਇਸ ਹਰਕਤ ਨਾਲ ਗੁਰੂ ਸਾਹਿਬ ਜੀ ਦੀ ਮਾਣ ਮਰਯਾਦਾ ਨੂੰ ਭਾਰੀ ਠੇਸ ਪੁੱਜੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਿੱਖ ਕੌਮ ਨੂੰ ਵੱਡਾ ਰੋਸ ਇਸ ਗੱਲ ਦਾ ਹੈ ਕਿ ਇਹ ਘਟਨਾ ਉਸ ਥਾਂ ਵਾਪਰੀ ਹੈ ਜਿਥੋਂ ਸੂਬੇ ਦੇ ਮੁੱਖ ਮੰਤਰੀ ਦੇ ਸੰਵਿਧਾਨਕ ਅਹੁਦੇ ਉੱਤੇ ਤਾਇਨਾਤ ਵਿਅਕਤੀ ਵੱਲੋਂ ਹਰ ਧਰਮ ਦੀ ਪ੍ਰਫੁੱਲਤਾ ਅਤੇ ਸੁਰੱਖਿਆ ਲਈ ਵਚਨਬੱਧ ਹੋਣਾ ਹੁੰਦਾ ਹੈ ਉਸ ਦੀ ਜ਼ਿੰਮੇਵਾਰੀ ਹੈ ਕਿ ਹਰ ਧਰਮ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰੇ ਅਤੇ ਧਾਰਮਿਕ ਗ੍ਰੰਥਾਂ ਦੇ ਸਤਿਕਾਰ ਅਤੇ ਮਹੱਤਵ ਨੂੰ ਸਮਝੇ ਜੇਕਰ ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਅੰਦਰ ਹੀ ਉਥੋਂ ਦਾ ਮੁੱਖ ਮੰਤਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਤਿਕਾਰ ਨਾ ਕਰੇ ਤਾਂ ਇਸ ਤੋਂ ਮੰਦਭਾਗੀ ਗੱਲ ਹੋਰ ਨਹੀਂ ਹੋ ਸਕਦੀ।
ਇਸ ਦੇ ਨਾਲ ਹੀ ਹਰਜਿੰਦਰ ਸਿੰਘ ਧਾਮੀ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਵਾਪਰੀ ਇਸ ਘਟਨਾ ਦੀ ਘੋਰ ਨਿੰਦਾ ਕਰਦੀ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਾਸੋਂ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਬੰਧਤ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਗੁਰੂ ਸਾਹਿਬ ਜੀ ਦੇ ਸਤਿਕਾਰ ਦੀ ਉਲੰਘਣਾ ਕਰਨ ਦੀ ਕੋਈ ਵੀ ਹਿੰਮਤ ਨਾ ਕਰੇ।
ਇਹ ਵੀ ਪੜੋ: ਹੁਣ ਸਾਬਕਾ ਸੀਐੱਮ ਚੰਨੀ ਮਾਨ ਸਰਕਾਰ ਦੇ ਨਿਸ਼ਾਨੇ ’ਤੇ, 142 ਕਰੋੜ ਦੀ ਗ੍ਰਾਂਟ ਵੰਡਣ ਦੀ ਹੋਵੇਗੀ ਜਾਂਚ