ਅੰਮ੍ਰਿਤਸਰ: ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਭੇਜਿਆ ਜਾਵੇਗਾ, ਜੋ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮ ’ਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। 14 ਅਪ੍ਰੈਲ ਨੂੰ ਮੁੱਖ ਸਮਾਗਮ ਵਿਚ ਸ਼ਮੂਲੀਅਤ ਉਪਰੰਤ ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚਣਗੇ। 15 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 16 ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇਸੇ ਦੌਰਾਨ 17-18 ਅਪ੍ਰੈਲ ਨੂੰ ਸਿੱਖ ਸ਼ਰਧਾਲੂ ਗੁਰਦੁਆਰਾ ਡੇਰਾ ਸਾਹਿਬ ਲਾਹੌਰ, 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਅਤੇ 20 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਏਮਨਾਬਾਦ ਵਿਖੇ ਨਤਮਸਤਕ ਹੋਣਗੇ। ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 21 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਸ਼ਰਧਾਲੂਆਂ ਲਈ ਕੋਰੋਨਾ ਦੇ ਚੱਲਦਿਆਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੀਕਾਕਰਣ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣ ਦੇ ਨਾਲ-ਨਾਲ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਜਰੂਰੀ ਹੈ, ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਕੀਤਾ ਜਾ ਰਿਹਾ ਹੈ।
ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ 9 ਅਤੇ 10 ਅਪ੍ਰੈਲ ਨੂੰ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਕੋਰੋਨਾ ਜਾਂਚ ਕੈਂਪ ਲਗਾਇਆ ਜਾਵੇਗਾ। ਜਿਨ੍ਹਾਂ ਸ਼ਰਧਾਲੂਆਂ ਨੇ ਜਥੇ ਨਾਲ ਪਾਕਿਸਤਾਨ ਜਾਣਾ ਹੈ ਉਹ ਆਪਣਾ ਟੈਸਟ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੋ ਸ਼ਰਧਾਲੂ ਆਪਣੇ ਤੌਰ ’ਤੇ ਕੋਰੋਨਾ ਟੈਸਟ ਕਰਵਾਉਣਾ ਚਾਹੁੰਦੇ ਹਨ, ਉਹ 12 ਅਪ੍ਰੈਲ ਨੂੰ ਰਵਾਨਾ ਹੋਣ ਤੋਂ 72 ਘੰਟੇ ਪਹਿਲਾਂ ਦੀ ਰਿਪੋਰਟ ਨਾਲ ਲੈ ਕੇ ਆਉਣ।
ਦੱਸਣਯੋਗ ਹੈ ਕਿ ਪਹਿਲਾਂ ਇਹ ਸਿੱਖ ਸ਼ਰਧਾਲੂਆਂ ਦਾ ਜਥਾ 11 ਅਪ੍ਰੈਲ ਤੋਂ 20 ਅਪ੍ਰੈਲ ਤੱਕ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣਾ ਸੀ, ਪਰ ਬਾਅਦ ’ਚ ਪ੍ਰੋਗਰਾਮ ਵਿਚ ਤਬਦੀਲੀ ਕੀਤੀ ਗਈ ਹੈ।
ਇਹ ਵੀ ਪੜੋ: ਕਬੱਡੀ ਖਿਡਾਰੀ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਸਿੱਧੂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ