ਅੰਮ੍ਰਿਤਸਰ: ਪੰਜਵੀ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਗੁਰਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿੱਤਰ ਅਸਥਾਨ ਹੈ, ਜਿਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ 'ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਪਹਿਲਾ ਪ੍ਰਕਾਸ਼ ਕੀਤਾ ਗਿਆ। ਇਸ ਮੌਕੇ ਸੰਗਤਾਂ ਵਲੋਂ ਗੁਰੂ ਦਾ ਓਟ ਆਸਰਾ ਲੈਂਦਿਆਂ ਗੁਰਬਾਣੀ ਸਰਵਣ ਕੀਤੀ ਗਈ ਅਤੇ ਰਾਗੀ ਸਿੰਘਾਂ ਪਾਸੋਂ ਗੁਰਬਾਣੀ ਕੀਰਤਨ ਵੀ ਸੁਣਿਆ ਗਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦੇਸ਼ ਵਿਦੇਸ਼ 'ਚ ਬੈਠੀਆਂ ਸਿੱਖ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦਾਂ ਦੇ ਸਰਤਾਜ ਹਨ ਅਤੇ ਉਨ੍ਹਾਂ ਦੀ ਸ਼ਹੀਦੀ ਨਾਲ ਸਿੱਖ ਪੰਥ 'ਚ ਨਵਾਂ ਜੋਸ਼ ਪੈਦਾ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਨੇ ਦੱਸਿਆ ਕਿ ਸ਼ਹੀਦੀ ਪੁਰਬ ਨੂੰ ਲੈਕੇ ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਚੰਗੇ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ:ਪੰਜਵੇਂ ਗੁਰੂ ਅਰਜਨ ਦੇਵ ਜੀ ਦਾ ਅੱਜ ਸ਼ਹੀਦੀ ਗੁਰਪੁਰਬ, ਸੰਗਤ ਹੋ ਰਹੀ ਨਤਮਸਤਕ