ਅੰਮ੍ਰਿਤਸਰ: 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਤੇ ਹੋਏ ਵਿਵਾਦ ਤੋਂ ਬਾਅਦ ਦੀਪ ਸਿੱਧੂ ਦੇ ਖ਼ਿਲਾਫ਼ ਦਿੱਲੀ ਪੁਲੀਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ 1 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ ਤੇ ਤੜਕਸਾਰ ਹੀ ਦੀਪ ਸਿੱਧੂ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਦੀਪ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਗਿਆ ਸੀ।
ਅੰਮ੍ਰਿਤਸਰ ਵਿੱਚ ਪਹੁੰਚੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਬਲਦੇਵ ਸਿੰਘ ਸਿਰਸਾ ਨੇ ਇਸ ਬਾਰੇ ਬਿਆਨ ਦਿੰਦੇ ਹੋਏ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਣੀ ਹੈ, ਉਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਉਥੇ ਹੀ ਉਹਨਾਂ ਨੇ ਕਿਹਾ ਕਿ ਜੋ ਵੀ 26 ਜਨਵਰੀ ਨੂੰ ਹੋਇਆ ਉਹ ਸਭ ਕੇਂਦਰ ਸਰਕਾਰ ਦੀ ਸਾਜਿਸ਼ ਸੀ ਤਾਂ ਜੋ ਕਿਸਾਨਾਂ ਦੇ ਸੰਘਰਸ਼ ਨੂੰ ਤੋੜਿਆ ਜਾ ਸਕੇ।