ਚੰਡੀਗੜ੍ਹ: ਸਿੱਖ ਪੰਰਪਰਾ ਮੁਤਾਬਕ ਅੱਜ ਨਵੇਂ ਵਰ੍ਹੇ ਦੀ ਸ਼ੁਰੂਆਤ ਹੈ। ਨਾਨਕਸ਼ਾਹੀ ਕੈਲੰਡਰ ਅਨੁਸਾਰ 1 ਚੇਤ ਤੋਂ ਨਵਾਂ ਵਰ੍ਹਾਂ ਸ਼ੁਰੂ ਹੁੰਦਾ ਹੈ। ਇਸ ਮੌਕੇ ਜਿੱਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਰੱਖੇ ਗਏ, ਉੱਥੇ ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਨਕਸ਼ਾਹੀ ਕੈਲੰਡਰ ਸੰਮਤ 554 ਅਨੁਸਾਰ ਨਵੇਂ ਵਰ੍ਹੇ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਨੀਵਾਰ ਨੂੰ ਨਾਨਕਸ਼ਾਹੀ ਸੰਮਤ 554, ਸਾਲ 2022-23 ਦਾ ਕੈਲੰਡਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਵੀ ਹਾਜ਼ਰ ਸਨ।
ਕੈਲੰਡਰ ਜਾਰੀ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਾਲ ਦਾ ਨਾਨਕ ਸ਼ਾਹੀ ਕੈਲੰਡਰ ਪਹਿਲੀ ਸ਼ਤਾਬਦੀ ਦੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਨੂੰ ਸਮਰਪਿਤ ਕੀਤਾ ਗਿਆ ਹੈ ਕਿਉਂਕਿ ਇਹ ਸਾਕਾ ਸਿੱਖ ਇਤਿਹਾਸ ਵਿੱਚ ਬਹੁਤ ਮਹੱਤਵ ਰੱਖਦਾ ਹੈ। ਕੁਝ ਦਿਨ ਪਹਿਲਾਂ ਜਦੋਂ ਉਹ ਪਾਕਿਸਤਾਨ ਦੇ ਦੌਰੇ 'ਤੇ ਗਏ ਸਨ ਤਾਂ ਉਨ੍ਹਾਂ ਨੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਸਾਕੇ ਦੀ ਯਾਦਗਾਰ ਸਬੰਧੀ ਉਥੋਂ ਦੀ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਸੀ।
ਇਸ ਨੂੰ ਮਹੱਤਵਪੂਰਨ ਸਮਰਥਨ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਕੌਮ ਦੇ ਇਤਿਹਾਸਕ ਦਿਨ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਦਾ ਕੰਮ ਕਰਦੇ ਹਨ। ਉਨ੍ਹਾਂ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਰੋਡ ਸ਼ੋਅ ਦੌਰਾਨ ਬੋਲੇ ਕੇਜਰੀਵਾਲ, "ਪੰਜਾਬੀਓ ਤੁਸੀਂ ਕਮਾਲ ਕਰ ਦਿੱਤਾ, ਹੁਣ ਰੰਗਲਾ ਪੰਜਾਬ ਬਣਾਵਾਂਗੇ"