ਅੰਮ੍ਰਿਤਸਰ: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਭਾਰਤੀ ਤੇਲ ਕੰਪਨੀਆਂ ਨੇ ਅੱਜ 6 ਅਕਤੂਬਰ ਨੂੰ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸਦੇ ਨਾਲ ਹੀ ਪੈਟਰੋਲੀਅਮ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਕੀਤਾ ਹੈ।
ਰਸੋਈ ਗੈਸ ਦੀਆਂ ਕੀਮਤਾਂ ਵੱਧਣ ਕਾਰਨ ਸਰਹੱਦੀ ਇਲਾਕੇ ਦੀਆਂ ਔਰਤਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਔਰਤਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ’ਤੇ ਮਹਿੰਗਾਈ ਦਾ ਭਾਰ ਪਾਇਆ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਚੀਜ਼ ਦੀ ਕੀਮਤ ਵਧੀ ਹੋਣ ਕਾਰਨ ਬਾਕੀ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ ਚ ਵਾਧਾ ਹੋ ਰਿਹਾ ਹੈ।
ਇਸ ਸਬੰਧੀ ਔਰਤਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਚੰਗੇ ਦਿਨ ਦੇ ਸੁਪਨੇ ਦਿਖਾਏ ਗਏ ਸੀ, ਪਰ ਸਰਕਾਰ ਵੱਲੋਂ ਬੀਤੇ ਕੁਝ ਸਮੇਂ ਤੋਂ ਰੇਟਾਂ ਵਿਚ ਵਾਧਾ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਹਰ ਵਸਤੂ ਦੇ ਭਾਅ ਨੂੰ ਵਧਾਇਆ ਜਾ ਰਿਹਾ ਹੈ। ਜਿਸ ਨਾਲ ਹਰ ਵਰਗ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜੋ: ਪੈਟਰੋਲ ਤੇ ਡੀਜ਼ਲ ਦੇ ਨਾਲ ਘਰੇਲੂ ਗੈਸ ਵੀ ਹੋਇਆ ਮਹਿੰਗਾ, ਜਾਣੋ ਅੱਜ ਦੇ ਭਾਅ
ਘਰੇਲੂ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ
ਜਿੱਥੇ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਪੈਟਰੋਲੀਅਮ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਕੀਤਾ ਹੈ। ਦਿੱਲੀ ਵਿੱਚ ਗੈਰ-ਸਬਸਿਡੀ ਵਾਲੇ 14.2 ਕਿਲੋਗ੍ਰਾਮ ਸਿਲੰਡਰ ਦੀ ਕੀਮਤ ਹੁਣ 899.50 ਰੁਪਏ ਹੈ। 5 ਕਿਲੋ ਸਿਲੰਡਰ ਦੀ ਨਵੀਂ ਦਰ ਹੁਣ 502 ਰੁਪਏ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹਨ।