ਅੰਮ੍ਰਿਤਸਰ : ਕਸਬਾ ਬਾਬਾ ਬਕਾਲਾ ਸਾਹਿਬ ਦੇ ਰਇਆ ਇਲਾਕੇ 'ਚ ਸਵੇਰੇ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇੱਕ ਮਹਿਲਾ ਦੇ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ। ਪੁਰਾਣੀ ਰੰਜਿਸ਼ ਦੇ ਚਲਦੇ ਇੱਕ ਨੌਜਵਾਨ ਨੇ ਇੱਟਾਂ ਮਾਰ ਕੇ ਮਹਿਲਾ ਦਾ ਕਤਲ ਕਰ ਦਿੱਤਾ। ਉਕਤ ਮੁਲਜ਼ਮ ਨੇ ਮਹਿਲਾਂ ਦੇ ਪੁੱਤਰ 'ਤੇ ਵੀ ਹਮਲਾ ਕਰਕੇ ਉਸ ਨੂੰ ਵੀ ਜ਼ਖਮੀ ਕਰ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਬਾਬਾ ਬਕਾਲਾ ਸਾਹਿਬ ਦੇ ਡੀਐਸਪੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 6 ਵਜੇ ਇਸ ਘਟਨਾ ਬਾਰੇ ਜਾਣਕਾਰੀ ਮਿਲੀ। ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪੁੱਜੇ। ਇੱਟਾਂ ਦੇ ਲਗਾਤਾਰ ਕਈ ਵਾਰ ਕਾਰਨ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਮਲਾਵਰ ਨੌਜਵਾਨ ਨੇ ਉਸ ਦੇ ਪੁੱਤਰ 'ਤੇ ਵੀ ਹਮਲਾ ਕੀਤਾ। ਮ੍ਰਿਤਕ ਮਹਿਲਾ ਦੇ ਗੰਭੀਰ ਜ਼ਖਮੀ ਪੁੱਤਰ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦੀ ਪਛਾਣ ਰੇਖਾ ਵਸਨੀਕ ਰਇਆ ਵਜੋਂ ਹੋਈ ਹੈ। ਮਹਿਲਾ ਦੀ ਅਕਸ਼ੈ ਨਾਂਅ ਦੇ ਇੱਕ ਨੌਜਵਾਨ ਨਾਲ ਪੁਰਾਣੀ ਰੰਜਿਸ਼ ਸੀ। ਜਿਸ ਦੇ ਚਲਦੇ ਨੌਜਵਾਨ ਨੇ ਉਸ 'ਤੇ ਇੱਟਾ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਮਹਿਲਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਭੇਜ ਦਿੱਤਾ ਗਿਆ ਹੈ। ਉਸ ਦੇ ਪੁੱਤਰ ਨੂੰ ਜ਼ੇਰੇ ਇਲਾਜ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੈ। ਪੁਲਿਸ ਵੱਲੋਂ ਮਾਮਲੇ ਮ੍ਰਿਤਕਾ ਦੇ ਪੁੱਤਰ ਦੇ ਬਿਆਨਾਂ ਦੇ ਅਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਮੁਲਜ਼ਮ ਦੀ ਭਾਲ ਜਾਰੀ ਹੈ।