ਅੰਮ੍ਰਿਤਸਰ : ਸ਼ਹਿਰ ਪਿੰਡ ਵਰਪਾਲ ਬਾਬਾ ਫ਼ੌਜਾ ਸਿੰਘ ਦੇ ਪੱਤੀ ਕਿਲੇ ਵਾਲੀ ਵਿਖੇ ਕੁਝ ਨੌਜਵਾਨਾਂ ਵੱਲੋਂ ਦਲਬੀਰ ਸਿੰਘ ਉਰਫ਼ ਕਾਕਾ ਦਾ ਬੀਤੀ ਸ਼ਾਮ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ, ਇਸ ਮਗਰੋਂ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਨੂੰ ਸੜਕ ’ਤੇ ਰੱਖ ਕੇ ਧਰਨਾ ਪ੍ਰਦਰਸ਼ਨ ਕੀਤਾ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਭਰਾ ਘਰ ਦੇ ਬਾਹਰ ਕੁਰਸੀ 'ਤੇ ਬੈਠੇ ਸਨ। ਇਨ੍ਹੇ 'ਚ ਮੁਲਜ਼ਮ ਆਟੋ 'ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਨਸ਼ਾ ਵੇਚਣ ਲੱਗੇ। ਜਦੋਂ ਦੋਹਾਂ ਭਰਾਵਾਂ ਨੇ ਨਸ਼ਾ ਵੇਚਣ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨਸ਼ਾ ਤਸਕਰਾਂ ਨੇ ਉਨ੍ਹਾਂ ਉੱਤੇ ਹਥਿਆਰਾਂ ਨਾਲ ਵਾਰ ਕੀਤਾ ਤੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਦੋਹਾਂ ਭਰਾਵਾਂ ਨੂੰ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਲ ਕਰਵਾਇਆ। ਇਸ ਦੌਰਾਨ ਡਾਕਟਰਾਂ ਨੇ ਦਲਬੀਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਉਨ੍ਹਾਂ ਥਾਣਾ ਚਾਟੀਵਿੰਡ ਵਿੱਚ ਰਿਪੋਰਟ ਦਰਜ ਕਰਵਾਈ,ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਇਨਸਾਫ ਦੀ ਮੰਗ ਕਰਦੇ ਹੋਏ ਉਨ੍ਹਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤਰਨਤਾਰਨ ਰੋਡ ’ਤੇ ਲਾਸ਼ ਰੱਖ ਕੇ ਸੜਕ ਉਪਰ ਧਰਨਾ ਲਗਾ ਦਿੱਤਾ।
ਇਸ ਤੋਂ ਪਹਿਲਾਂ ਵੀ ਮ੍ਰਿਤਕ ਦਲਬੀਰ ਤੇ ਉਸ ਦੇ ਭਰਾ ਨੇ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕੀਤਾ ਸੀ, ਕਿਉਂਕਿ ਨਸ਼ੇ ਦੀ ਵਿਕ੍ਰੀ ਹੋਣ ਦੇ ਚਲਦੇ ਪਿੰਡ ਦੀਆਂ ਮਹਿਲਾਵਾਂ ਤੇ ਹੋਰਨਾਂ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਜਦੋਂ ਇਸ ਸਬੰਧੀ ਜਦੋਂ ਥਾਣਾ ਚਾਟੀਵਿੰਡ ਦੇ ਮੁੱਖ ਅਫਸਰ ਤੇ ਮਾਮਲੇ ਦੇ ਜਾਂਚ ਅਧਿਕਾਰੀ ਵਿਕਰਾਂਤ ਸ਼ਰਮਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ’ਚ 16 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ ਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ, ਉਨ੍ਹਾਂ ਨੇ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਕਰਨ ਤੇ ਪੀੜਤ ਪਰਿਵਾਰ ਨੂੰ ਇਨਸਾਫ ਦਵਾਉਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ : Road accident : ਪੁਲਿਸ ਮੁਲਾਜ਼ਮ ਦੀ ਇਨੋਵਾ ਗੱਡੀ ਹੋਈ ਹਾਦਸਾਗ੍ਰਸਤ