ਬਠਿੰਡਾ: ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿੱਚ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਬਾਰੇ ਕਥਿਤ ਤੌਰ 'ਤੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਜਪਾ ਦੇ ਕੇਂਦਰੀ ਮੰਤਰੀ ਪੰਜਾਬ ਵਿੱਚ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਸਮਝਾਉਣ ਦੀ ਕਥਿਤ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਦੀਆਂ ਇਨ੍ਹਾਂ ਮੀਟਿੰਗਾਂ ਦਾ ਵਿਰੋਧ ਕਿਸਾਨਾਂ ਵੱਲੋਂ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ।
ਬਠਿੰਡਾ ਦੇ ਇੱਕ ਨਿੱਜੀ ਹੋਟਲ ਦੇ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਵੀ ਇੱਕ ਵੀਡੀਓ ਕਾਨਫਰਸਿੰਗ ਰਾਹੀਂ ਮੀਟਿੰਗ ਕਰ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕੀਤੀ । ਇਸ ਮੀਟਿੰਗ ਮੌਕੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਸਮ੍ਰਿਤੀ ਈਰਾਨੀ ਜੋ ਕੇਂਦਰੀ ਵਜ਼ੀਰ ਹਨ। ਜਿਨ੍ਹਾਂ ਨੇ ਕਿ ਪਹਿਲਾਂ ਬਠਿੰਡਾ ਵਿੱਚ ਪਹੁੰਚਣ ਦਾ ਪ੍ਰੋਗਰਾਮ ਤੈਅ ਕੀਤਾ ਸੀ ਪਰ ਪੰਜਾਬ ਦੇ ਲੋਕਾਂ ਦੇ ਖ਼ੌਫ਼ ਕਾਰਨ ਉਨ੍ਹਾਂ ਨੂੰ ਵੀਡੀਓ ਕਾਨਫ਼ਰੰਸਿੰਗ ਦਾ ਸਹਾਰਾ ਲੈਣਾ ਪਿਆ।
ਨਵਦੀਪ ਸਿੰਘ ਜੀਦਾ ਨੇ ਕਿਹਾ ਭਾਜਪਾ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰਨ ਜਾ ਰਹੀ ਹੇ। ਜਿਸ ਨੂੰ ਪੰਜਾਬ ਦਾ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ ਅਤੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ।