ਬਠਿੰਡਾ: ਕੋਰੋਨਾ ਵਾਇਰਸ ਤੋਂ ਬਾਅਦ ਲੋਕਾਂ ’ਚ ਹੁਣ ਡੇਂਗੂ (dengue ) ਦਾ ਖੌਫ ਵਧਦਾ ਜਾ ਰਿਹਾ ਹੈ। ਜ਼ਿਲ੍ਹੇ ’ਚ ਡੇਂਗੂ ਦਾ ਕਹਿਰ ਵਧਦਾ ਜਾ ਰਿਹਾ ਹੈ। ਦੱਸ ਦਈਏ ਕਿ ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ ਸ਼੍ਰੀਨਿਵਾਸਨ ਵੀ ਡੇਂਗੂ ਦੇ ਚਪੇਟ ’ਚ ਆ ਗਏ ਹਨ। ਜੋ ਕਿ ਇਲਾਜ ਅਧੀਨ ਹਨ।
ਉੱਥੇ ਹੀ ਦੂਜੇ ਪਾਸੇ ਜੇਕਰ ਬਠਿੰਡਾ ਜਿਲ੍ਹੇ (bathinda district) ਦੀ ਗੱਲ ਕਰੀਏ ਤਾਂ ਕੋਰੋਨਾ ਤੋਂ ਬਾਅਦ ਇੱਥੇ ਡੇਂਗੂ ਵਧਦਾ ਜਾ ਰਿਹਾ ਹੈ। ਦੱਸ ਦਈਏ ਕਿ ਸਿਵਲ ਹਸਪਤਾਲ ਚ ਕੁੱਲ 16 ਡੇਂਗੂ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ’ਚ 6 ਡੇਂਗੂ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਬਾਕੀਆਂ ’ਤੇ ਸ਼ੱਕ ਹੋਣ ਕਾਰਨ ਉਨ੍ਹਾਂ ਦੇ ਟੈਸਟ ਕਰਵਾਏ ਜਾ ਰਹੇ ਹਨ।
ਕਾਬਿਲੇਗੌਰ ਹੈ ਕਿ ਹੁਣ ਤੱਕ ਬਠਿੰਡਾ ਜ਼ਿਲ੍ਹੇ ’ਚ 229 ਦੇ ਕਰੀਬ ਡੇਂਗੂ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ’ਚ 215 ਬਠਿੰਡਾ ਸ਼ਹਿਰ ਅਤੇ 14 ਵੱਖ ਵੱਖ ਪਿੰਡਾਂ ਚੋਂ ਸਾਹਮਣੇ ਆਏ ਹਨ। ਬੀਤੇ ਦਿਨ ਦੀ ਗੱਲ ਕਰੀਏ ਤਾਂ 15 ਲੋਕ ਹਸਪਤਾਲ ਚ ਦਾਖਲ ਹੋਏ ਹਨ ਜਿਨ੍ਹਾਂ ਚੋਂ 6 ਲੋਕਾਂ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਬਾਕੀਆਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ।
ਬਚਾਅ ਲਈ ਕੀ ਕੀਤਾ ਜਾਵੇ ?
ਮਾਹਰਾਂ ਦਾ ਕਹਿਣਾ ਹੈ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਕਿਸੇ ਵੀ ਜਗ੍ਹਾ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ। ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਫ਼ਰਿੱਜਾਂ ਦੀਆਂ ਟਰੇਆਂ, ਕੂਲਰਾਂ ਆਦਿ ਨੂੰ ਖ਼ਾਲੀ ਕਰ ਕੇ ਸੁਕਾਉ। ਘਰਾਂ ਦੇ ਆਲੇ-ਦੁਆਲੇ ਫੁੱਲਾਂ ਦੇ ਗਮਲਿਆਂ, ਟੁੱਟੇ ਭੱਜੇ ਭਾਂਡਿਆਂ ਅਤੇ ਕਿਸੇ ਵੀ ਥਾਂ ਪਾਣੀ ਖੜਾ ਨਾ ਹੋਣ ਦਿਉ। ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰਖਿਆ ਜਾਵੇ। ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਵਿਚ ਕਈ ਕਈ ਦਿਨ ਪੁਰਾਣਾ ਪਾਣੀ ਖੜਾ ਨਾ ਹੋਵੇ। ਕੂਲਰ ਚਾਲੂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਧੋ ਕੇ ਸੁਕਾਏ ਜਾਣ। ਅਜਿਹੇ ਕਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਖ਼ਾਸਕਰ ਬਾਹਾਂ ਅਤੇ ਲੱਤਾਂ ਢਕੀਆਂ ਰਹਿਣ।
ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ।
ਇਹ ਵੀ ਪੜੋ: ਮੁੱਖ ਮੰਤਰੀ ਦੇ ਸ੍ਰੀ ਦਰਬਾਰ ਸਾਹਿਬ ਪਹੁੰਚਣ ਤੋਂ ਪਹਿਲਾਂ ਪੁਲਿਸ ਨੇ ਸ਼ਰਧਾਲੂਆਂ ਨਾਲ ਕੀਤੀ ਧੱਕੇਸ਼ਾਹੀ