ਬਠਿੰਡਾ :ਟੈਟ ਤੇ ਈਟੀਟੀ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਇਸ ਦੇ ਚਲਦੇ ਬਠਿੰਡਾ ਵਿੱਚ ਸਾਂਝਾ ਅਧਿਆਪਕ ਮੋਰਚੇ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬੇ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਪੁਤਲਾ ਸਾੜਿਆ ਤੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਕਿਹਾ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਵੱਲੋਂ ਲਗਾਤਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਸਿੱਖਿਆ ਮੰਤਰੀ 'ਤੇ ਵਾਰ-ਵਾਰ ਮੀਟਿੰਗ ਕੈਂਸਲ ਕੀਤੇ ਜਾਣ ਦੇ ਦੋਸ਼ ਵੀ ਲਾਏ।
ਪ੍ਰਦਰਸ਼ਨਕਾਰੀਆਂ ਨੇ ਆਖਿਆ ਕਿ ਕੋਰੋਨਾ ਕਾਲ 'ਚ ਅਧਿਆਪਕਾਂ ਦੀਆਂ ਜਾਨਾਂ ਨੂੰ ਖ਼ਤਰੇ ਵਿੱਚ ਪਾ ਉਨ੍ਹਾਂ ਨੂੰ ਘਰ-ਘਰ ਭੇਜਿਆ ਜਾ ਰਿਹਾ ਹੈ। ਇਸ ਦੇ ਚਲਦੇ ਹੁਣ ਤੱਕ 37 ਅਧਿਆਪਕਾਂ ਨੂੰ ਕੋਰੋਨਾ ਮਹਾਂਮਾਰੀ ਦੀ ਚਪੇਟ ਆਉਣ ਕਾਰਨ ਜਾਨਾਂ ਗੁਆਣੀਆਂ ਪਈਆਂ। ਉਨ੍ਹਾਂ ਕਿਹਾ ਕਿ ਈਟੀਟੀ ਦੇ ਕਈ ਅਧਿਆਪਕਾਂ ਨੂੰ ਭਰਤੀ ਤੋਂ ਬਾਅਦ ਵੀ ਉਨ੍ਹਾਂ ਦੀ ਜੁਆਇਨ ਨਹੀਂ ਕਰਵਾਇਆ ਜਾ ਰਿਹਾ ਹੈ। ਅਧਿਆਪਕਾਂ ਨੇ ਪੰਜਾਬ ਸਰਕਾਰ ਕੋਲੋਂ ਛੇਵਾਂ ਪੇਅ ਕਮਿਸ਼ਨ ਲਾਗੂ ਕਰਨ, ਭਰਤੀ ਦੌਰਾਨ ਚੁਣੇ ਗਏ ਅਧਿਆਪਕਾਂ ਦੀ ਜੁਆਈਨਿੰਗ ਤੇ ਡੀਏ ਦੀ ਬਕਾਇਆ ਕਿਸ਼ਤਾਂ ਜਾਰੀ ਕਰਨ ਤੇ ਕੋਰੋਨਾ ਨਾਲ ਪੀੜਤ ਅਧਿਆਪਕਾਂ ਦੀਆਂ ਮੈਡੀਕਲ ਛੂਟਿਆਂ ਮੰਜੂਰ ਕੀਤੇ ਜਾਣ ਦੀ ਮੰਗ ਕੀਤੀ ਹੈ। ਮੰਗਾਂ ਨਾਂ ਮੰਨੇ ਜਾਣ 'ਤੇ ਉਨ੍ਹਾਂ ਨੇ ਪ੍ਰਦਰਸ਼ਨ ਤੇਜ਼ ਕੀਤੇ ਜਾਣ ਦੀ ਚੇਤਾਵਨੀ ਦਿੱਤੀ ਹੈ।