ਬਠਿੰਡਾ : ਕਰਫਿਊ ਖ਼ਤਮ ਹੋਣ ਤੋਂ ਬਾਅਦ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਪਾਰੀਆਂ ਦੀ ਸਾਰ ਲੈਣ ਪੁਜੇ। ਇਸ ਦੌਰਾਨ ਸਥਾਨਕ ਵਪਾਰੀਆਂ ਤੇ ਦੁਕਾਨਦਾਰਾਂ ਨੇ ਰੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਵਿੱਤ ਮੰਤਰੀ ਸਾਰ ਲੈਣ ਤਾਂ ਪੁਜੇ ਪਰ ਉਨ੍ਹਾਂ ਵੱਲੋਂ ਵਪਾਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਰਾਹਤ ਨਹੀਂ ਦਿੱਤੀ ਗਈ। ਕਰਫਿਊ ਦੇ ਦੌਰਾਨ ਕਮਾਈ ਨਾ ਹੋਣ ਦੇ ਚਲਦੇ ਅਜੇ ਵੀ ਵਪਾਰੀਆਂ ਤੇ ਛੋਟੇ ਦੁਕਾਨਦਾਰਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਫੈਡਰੇਸ਼ਨ ਆਫ਼ ਆਲ ਇੰਡੀਆ ਵਪਾਰ ਮੰਡਲ ਦੇ ਵਾਈਸ ਪ੍ਰੈਜ਼ੀਡੈਂਟ ਅਮਿਤ ਕਪੂਰ ਨੇ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਨਰਜ਼ਾਗੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕਰਫਿਊ ਦੇ ਦੌਰਾਨ ਸੂਬੇ ਦੇ ਵਿੱਤ ਮੰਤਰੀ ਤੇ ਪੰਜਾਬ ਸਰਕਾਰ ਨੇ ਵਪਾਰੀਆਂ ਦੀ ਸਾਰ ਨਹੀਂ ਲਈ।
ਕਾਰੋਬਾਰ ਠੱਪ ਹੋਣ ਦੇ ਚਲਦੇ ਵਪਾਰੀਆਂ ਨੂੰ ਆਰਥਿਕ ਪੱਖੋਂ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬਾ ਸਰਕਾਰ ਵੱਲੋਂ ਕਰਫਿਊ ਦੇ ਸਮੇਂ 'ਚ ਵਪਾਰੀਆਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਦੁਕਾਨਾਂ ਖੋਲ੍ਹਣ ਲਈ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੰਘਰਸ਼ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਦੁਕਾਨਾਂ ਖੋਲ੍ਹਣ 'ਤੇ ਉਨ੍ਹਾਂ ਨੂੰ ਪੁਲਿਸ ਦੀ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ। ਉਨ੍ਹਾਂ ਆਖਿਆ ਕਿ ਵਿੱਤ ਮੰਤਰੀ ਦੁਕਾਨਦਾਰਾਂ ਦੀ ਸਾਰ ਲੈਣ ਤਾਂ ਪੁਜੇ ਹਨ ਪਰ ਸਰਕਾਰ ਵੱਲੋਂ ਵਪਾਰੀਆਂ ਨੂੰ ਕਿਸੇ ਤਰ੍ਹਾਂ ਦੀ ਰਾਹਤ ਦਾ ਭਰੋਸਾ ਨਹੀਂ ਦਿੱਤਾ ਗਿਆ।
ਸਥਾਨਕ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਕਰਫਿਊ ਦੇ ਦਿਨਾਂ 'ਚ ਵੀ ਦੁਕਾਨਦਾਰ ਪਰੇਸ਼ਾਨ ਸਨ ਤੇ ਹੁਣ ਦੁਕਾਨਾਂ ਖੁੱਲ੍ਹਣ ਤੋਂ ਬਾਅਦ ਵੀ ਪਰੇਸ਼ਾਨ ਹਨ। ਕਿਉਂਕਿ ਕੋਰੋਨਾ ਵਾਇਰਸ ਦੇ ਕਾਰਨ ਗਾਹਕ ਨਹੀਂ ਆ ਰਹੇ ਹਨ ਤੇ ਦੂਜੇ ਪਾਸੇ ਉਨ੍ਹਾਂ ਨੂੰ ਆਰਥਿਕ ਤੰਗੀ ਦੇ ਚਲਦੇ ਬਿਜਲੀ ਦੇ ਬਿੱਲ, ਦੁਕਾਨਾਂ ਦਾ ਕਿਰਾਇਆ ਤੇ ਜੀਐੱਸਟੀ ਭਰਨਾ ਪੈ ਰਿਹਾ ਹੈ। ਇਸ ਦੇ ਲਈ ਸਰਕਾਰ ਵੱਲੋਂ ਕਿਸੇਂ ਵੀ ਤਰ੍ਹਾਂ ਦੀ ਰਾਹਤ ਦਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦੌਰੇ ਨੂੰ ਇੱਕ ਡਰਾਮਾ ਦੱਸਿਆ।