ਬਠਿੰਡਾ: ਪੰਜਾਬ ਸਰਕਾਰ ਨੇ ਬੰਦ ਪਏ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਜ਼ਮੀਨ ਨੂੰ ਵੇਚਣ ਦਾ ਫੈਸਲਾ ਲਿਆ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਰਕਾਰ ਦਾ ਵਿਰੋਧ ਹੋ ਰਿਹਾ ਹੈ। ਪਹਿਲਾਂ ਸਿਆਸੀ ਪਾਰਟੀਆਂ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੀਆਂ ਸਨ। ਹੁਣ ਧਾਰਮਿਕ ਲੋਕ ਵੀ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਹਨ। ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਇਸ ਮਾਮਲੇ 'ਤੇ ਪੰਜਾਬ ਸਰਕਾਰ ਤੇ ਖ਼ਾਸਕਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਘੇਰਿਆ ਹੈ।
ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500ਵੇਂ ਪ੍ਰਕਾਸ਼ ਪੁਰਬ ਮੌਕੇ ਬਠਿੰਡੇ ਦਾ ਥਰਮਲ ਪਲਾਂਟ ਗੁਰੂ ਜੀ ਦੇ ਨਾਮ 'ਤੇ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਨੇ ਵਿਧਾਨ ਸਭਾ ਚੋਣਾਂ 'ਚ ਬਠਿੰਡਾ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਪਲਾਂਟ ਨੂੰ ਮੁੜ ਚਾਲੂ ਕਰਨਗੇ। ਹੁਣ ਆਪਣੇ ਵਾਅਦੇ ਤੋਂ ਮੁਕਰ ਕੇ ਇਸ ਪਲਾਂਟ ਨੂੰ ਵੇਚਣ ਜਾ ਰਹੇ ਹਨ।
ਦਾਦੂਵਾਲ ਨੇ ਕਿਹਾ ਕਿ ਮਨਪ੍ਰੀਤ ਸਿੰਘ ਗੁਰੂ ਨਾਨਕ ਦੇਵ ਜੀ ਦੇ ਨਾਮ ਦਾ ਵਿਰੋਧੀ ਹੈ, ਜਿਸ ਕਾਰਨ ਉਹ ਗੁਰੂ ਜੀ ਦੀਆਂ ਨਿਸ਼ਾਨੀਆਂ ਨੂੰ ਖਤਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਧੋਖੇ ਲਈ ਮਨਪ੍ਰੀਤ ਸਿੰਘ ਬਾਦਲ ਮੁਆਫੀ ਮੰਗੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਇਸ ਫੈਸਲੇ ਨੂੰ ਤੁਰੰਤ ਰੱਦ ਕਰਨ।
ਉਨ੍ਹਾਂ ਕਿਹਾ ਪਲਾਂਟ ਦੇ ਬੰਦ ਹੋ ਜਾਣ ਕਾਰਨ ਬਠਿੰਡੇ ਨੂੰ ਭਾਰੀ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਸੁਖਬੀਰ ਸਿੰਘ ਬਾਦਲ ਤੇ ਬੀਬੀ ਹਰਸਿਮਤਰ ਕੌਰ ਬਾਦਲ ਵੀ ਇਸ ਮਾਮਲੇ 'ਤੇ ਚੁੱਪ ਹਨ ਕਿਉਂਕਿ ਬਾਦਲ ਪਰਿਵਾਰ ਰੱਲ ਮਿਲਕੇ ਪੰਜਾਬ ਨੂੰ ਲੁੱਟ ਰਿਹਾ ਹੈ।